ਵਿਲੇਜ ਡਿਫੈਂਸ ਕਮੇਟੀਆਂ ਨੂੰ ਨਸ਼ਾ ਮੁਕਤੀ ਬਾਰੇ ਸਿਖਲਾਈ ਦਿੱਤੀ
ਇਥੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਖੰਨਾ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਸ ਕਮੇਟੀਆਂ ਨੂੰ ਇਥੋਂ ਏ ਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਿਖਲਾਈ ਦੇਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਅਗਲੇ ਪੜਾਅ ਦੌਰਾਨ ਕੀਤੇ ਜਾਂਦੇ ਉਪਰਾਲਿਆਂ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਐੱਸ ਡੀ ਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਸ਼ੇ ਦੇ ਸੁਦਾਗਰਾਂ ਦਾ ਸਮਾਜ ’ਚੋਂ ਖਾਤਮਾ ਕਰਨ ਲਈ ਨਸ਼ਾ ਤਸਕਰਾਂ ਨੂੰ ਸਮਾਜ ਵਿੱਚੋਂ ਬਾਹਰ ਕਰਨਾ ਜ਼ਰੂਰੀ ਹੈ। ਐੱਸ ਐੱਚ ਓ ਸਤਨਾਮ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਸੂਚਨਾਵਾਂ ਸਿੱਧੇ ਤੌਰ ’ਤੇ ਪੁਲੀਸ ਨਾਲ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ ਜਿਨ੍ਹਾਂ ਦਾ ਨਾਂਅ ’ਤੇ ਪਤਾ ਗੁਪਤ ਰੱਖਿਆ ਜਾਵੇਗਾ। ਹਲਕਾ ਕੋਆਰਡੀਨੇਟਰ ਪਰਮਪ੍ਰੀਤ ਸਿੰਘ ਪੌਂਪੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਦੇ ਖਾਤਮੇ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਤੇ ਸਮਾਜ ਵਿਰੋਧੀ ਤੱਤਾਂ ਦੇ ਖ਼ਿਲਾਫ਼ ਇਕ ਸਥਾਈ ਯੁੱਧ ਹੈ, ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ ਡੀ ਪੀ ਓ ਸਤਵਿੰਦਰ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਪ੍ਰਿੰਸੀਪਲ ਨਵਤੇਜ ਸ਼ਰਮਾ ਆਦਿ ਹਾਜ਼ਰ ਸਨ।
