ਪਰਾਲੀ ਪ੍ਰਬੰਧਨ ਲਈ ਪਿੰਡਾਂ ਦਾ ਦੌਰਾ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐੱਸ ਡੀ ਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਲਗਾਤਾਰ ਬਲਾਕ ਖੰਨਾ ਦੇ ਪਿੰਡ ਰੋਹਣੋ ਕਲਾਂ, ਈਸੜੂ, ਰਾਜੇਵਾਲ, ਨਰੈਣਗੜ੍ਹ, ਇਕੋਲਾਹਾ ਅਤੇ ਮੋਹਨਪੁਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਡੀ ਐੱਸ ਪੀ ਵਿਨੋਦ ਕੁਮਾਰ, ਐੱਸ ਐੱਚ ਓ ਸਤਨਾਮ ਸਿੰਘ, ਏ ਡੀ ਓ ਡਾ. ਸਰਤਾਜ ਸਿੰਘ, ਡਾ. ਨਵਜੋਤ ਕੌਰ ਆਦਿ ਅਧਿਕਾਰੀ ਮੌਜੂਦ ਸਨ। ਡਾ. ਢਿੱਲੋਂ ਨੇ ਪਿੰਡਾਂ ਵਿਚ ਚੱਲ ਰਹੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਅੱਗ ਨਾ ਲਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੋਡਲ ਤੇ ਕਲੱਸਟਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਹਵਾ ਗੁਣਵੱਤਾ ਮੌਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਸਖਤੀ ਨਾਲ ਕਰਨੀ ਯਕੀਨੀ ਬਣਾਉਣ। ਡਾ. ਢਿੱਲੋਂ ਨੇ ਹਦਾਇਤ ਕੀਤੀ ਕਿ ਸਬ-ਡਵੀਜ਼ਨ ਖੰਨਾ ਵਿੱਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐੱਸ ਐੱਮ ਐੱਸ ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕੰਬਾਈਨ ਨਾਲ ਕਟਾਈ ਨਾ ਕਰਨ ਸਬੰਧੀ ਜਾਰੀ ਕੀਤੇ ਆਦੇਸ਼ਾਂ ਦੀ ਵੀ ਫੀਲਡ ਵਿਚ ਤਾਇਨਾਤ ਅਧਿਕਾਰੀ ਪਾਲਣਾ ਨੂੰ ਯਕੀਨੀ ਬਣਾਉਣ। ਡੀ ਐੱਸ ਪੀ ਵਿਨੋਦ ਕੁਮਾਰ ਨੇ ਕਿਹਾ ਕਿ ਪੁਲੀਸ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੀ ਮੁਹਿੰਮ ਵਿੱਢੀ ਗਈ ਹੈ। ਇਸ ਦਾ ਹੱਲ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਕੀਤਾ ਜਾ ਸਕਦਾ ਹੈ।
 
 
             
            