ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਅਗਸਤ
ਕੰਪਿਊਟਰ ਅਧਿਆਪਕ ਮਹਿਲਾ ਵਿੰਗ ਦੇ ਸੱਦੇ ’ਤੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਪਿਛਲੇ 11 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਬਤੌਰ ਰੈਗੂਲਰ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਜੋ ਮੰਗਾਂ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੀਆਂ ਗਈਆਂ, ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਅਦਾਖ਼ਿਲਾਫ਼ੀ ਵਿਰੁੱਧ ਪੰਜਾਬ ਭਰ ਦੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਵੱਲੋਂ ਸਤੰਬਰ ਮਹੀਨੇ ਵਿੱਚ ਗੁਪਤ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਭਰੋੋਸਾ ਦਿੱਤਾ ਕਿ ਕੰਪਿਊਟਰ ਅਧਿਆਪਕਾਂ ਦੇ ਮਸਲੇ ਜਲਦੀ ਹੱਲ ਕੀਤੇ ਜਾਣਗੇ, ਪਰ ਅਜੇ ਤੱਕ ਵਿਭਾਗ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਜਾਰੀ ਕੀਤੇ ਨਿਯੁਕਤੀ ਪੱਤਰ ਅਤੇ ਮੰਤਰੀ ਪਰਿਸ਼ਦ ਵੱਲੋਂ ਲਏ ਫ਼ੈਸਲੇ ਤੁਰੰਤ ਲਾਗੂ ਕਰੇ, ਕੰਪਿਊਟਰ ਅਧਿਆਪਕਾਂ ਦੀਆ ਸੇਵਾਵਾਂ ਵੋਕੇਸ਼ਨਲ ਮਾਸਟਰ ਗ੍ਰੇਡ, ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਅੰਤ੍ਰਿਮ ਰਾਹਤ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਕਰ ਕੇ ਰੈਗੂਲਰ ਮੁਲਾਜ਼ਮਾਂ ਲਾਭ ਲਾਗੂ ਕੀਤੇ ਜਾਣ।