ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਨਵੰਬਰ
ਪੰਜਾਬੀ ਮਾਂ ਬੋਲੀ ਲਈ ਸੰਘਰਸ਼ ਕਰਦੀ ਜਥੇਬੰਦੀ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਰਾਜ ਭਾਸ਼ਾ ਐਕਟ ਤਹਿਤ ਸਮੇਂ-ਸਮੇਂ ’ਤੇ ਸਰਕਾਰਾਂ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਨੂੰ ਰੋਕਣ ਅਤੇ ਨਗਰ ਨਿਗਮ ਵਿੱਚ ਸਾਰੇ ਕੰਮ-ਕਾਜ ਪੰਜਾਬੀ ਵਿੱਚ ਕਰਨ ਦੀ ਮੰਗ ਕਰਦਿਆਂ ਅੱਜ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਮੌਕੇ ਵਫਦ ਵਿੱਚ ਪਸਾਰ ਭਾਈਚਾਰਾਂ ਦੇ ਸੰਚਾਲਕਾਂ ’ਚ ਮਿੱਤਰ ਸੈਨ ਮੀਤ, ਹਰਬਖਸ਼ ਸਿੰਘ ਗਰੇਵਾਲ, ਮਹਿੰਦਰ ਸਿੰਘ ਸੇਖੋਂ, ਦਵਿੰਦਰ ਸਿੰਘ ਸੇਖਾ, ਸੁਖਦੇਵ ਸਿੰਘ ਲਾਜ ਅਤੇ ਰਾਜਿੰਦਰ ਪਾਲ ਸਿੰਘ ਆਦਿ ਸ਼ਾਮਲ ਸਨ।ਵਫਦ ਦੇ ਮੈਂਬਰਾਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਨੂੰ ਕਾਨੂੰਨੀ ਵਿਵਸਥਾਵਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਉਨ੍ਹਾਂ ਹੁਕਮਾਂ ਦਾ ਹਵਾਲਾ ਦਿੱਤਾ ਗਿਆ, ਜਿਨ੍ਹਾਂ ਤਹਿਤ ਸਰਕਾਰੀ ਖੇਤਰ ਦੇ ਅਦਾਰਿਆਂ, ਬੋਰਡਾਂ, ਲੋਕ ਬਾਡੀਜ਼ ਆਦਿ ਵਿੱਚ ਸਾਰੇ ਦਫਤਰਾਂ ਦਾ ਕੰਮ-ਕਾਜ ਪੰਜਾਬੀ ਵਿੱਚ ਕਰਨ ਦੀਆਂ ਹਦਾਇਤਾਂ ਹਨ। ਇਸ ਤੋਂ ਇਲਾਵਾ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਵੈਬਸਾਈਟਾਂ/ਫੇਸਬੁਕ ਸਫ਼ਿਆਂ ਨੂੰ ਪੰਜਾਬੀ ਵਿੱਚ ਤਿਆਰ ਕਰਕੇ ਪਾਉਣ ਦੇ ਸਰਕਾਰੀ ਹੁਕਮਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਉਨ੍ਹਾਂ ਹੁਕਮਾਂ ਬਾਰੇ ਵੀ ਦੱਸਿਆ, ਜਿਨਾਂ ਰਾਹੀਂ ਸਾਰੇ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਬੋਰਡਾਂ/ਨਿਗਮਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਉਪਰਲੇ ਪਾਸੇ ਪੰਜਾਬੀ ’ਚ ਲਿਖਣਾ ਜ਼ਰੂਰੀ ਹੈ। ਇਸ ਪ੍ਰਤੀ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ।