ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਖੰਨਾ ਪੁਲੀਸ ਵੱਲੋਂ ਸੌ ਦਿਨਾਂ ’ਚ 396 ਗ੍ਰਿਫ਼ਤਾਰੀਆਂ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 11 ਜੂਨ
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਜੋਤੀ ਯਾਦਵ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਅਤੇ 100 ਦਿਨਾਂ ਵਿਚ ਜ਼ਿਲ੍ਹੇ ’ਚ 213 ਮੁਕੱਦਮੇ ਦਰਜ ਕਰ ਕੇ 396 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪੁਲੀਸ ਜ਼ਿਲ੍ਹਾ ਖੰਨਾ ਦੇ ਸਾਰੇ ਹੀ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਮਾਰਚ 2025 ਨੂੰ ਪੰਜਾਬ ਸਰਕਾਰ ਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ 10 ਜੂਨ ਤੱਕ 100 ਦਿਨਾਂ ਵਿਚ 396 ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ 226 ਗ੍ਰਾਮ ਹੈਰੋਇਨ, 6 ਕਿੱਲੋ ਅਫ਼ੀਮ, 9 ਕੁਇੰਟਲ 15 ਗ੍ਰਾਮ ਭੁੱਕੀ, 400 ਗ੍ਰਾਮ ਨਸ਼ੀਲਾ ਪਾਊਡਰ, 10 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਕਤ ਤਸਕਰਾਂ ਤੋਂ 12 ਲੱਖ 83 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 213 ਮਾਮਲਿਆਂ ’ਚੋਂ 7 ਮਾਮਲੇ ਅਜਿਹੇ ਹਨ ਜਿਨ੍ਹਾਂ ਵਿਚ 11 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 42 ਅਜਿਹੇ ਵਿਅਕਤੀ ਹਨ ਜੋ ਜ਼ੁਰਮ ਦੇ ਆਦੀ ਹਨ ਉਨ੍ਹਾਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਹੈ।
540 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ’ਚ ਦਾਖਲ ਕਰਵਾਇਆ
ਐੱਸਐੱਸਪੀ ਜੋਤੀ ਯਾਦਵ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿੱਥੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਉੱਥੇ ਜੋ ਨਸ਼ਾ ਕਰਨ ਦੇ ਆਦੀ ਵਿਅਕਤੀ ਹਨ ਉਨ੍ਹਾਂ ਦਾ ਇਲਾਜ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਉੱਚ ਅਧਿਕਾਰੀਆਂ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਜਾਗਰੂਕਤਾ ਸੈਮੀਨਾਰ ਕਰਵਾਏ ਤੇ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਆ। ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਖੰਨਾ ਵਿਚ ਪੁਲੀਸ ਵੱਲੋਂ 540 ਵਿਅਕਤੀ ਜੋ ਨਸ਼ਾ ਕਰਨ ਦੇ ਆਦੀ ਸਨ ਉਨ੍ਹਾਂ ਨੂੰ ਪ੍ਰੇਰਿਤ ਕਰ ਕੇ ਨਸ਼ਾ ਛੁਡਾਓ ਕੇਂਦਰਾਂ ਵਿਚ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਾ ਛੱਡ ਵਧੀਆ ਜ਼ਿੰਦਗੀ ਬਿਤਾ ਸਕਣ। ਉਨ੍ਹਾਂ ਦੱਸਿਆ ਕਿ 540 ’ਚੋਂ 86 ਵਿਅਕਤੀਆਂ ਹਨ ਜਿਨ੍ਹਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਜਦਕਿ ਬਾਕੀਆਂ ਨੂੰ ਦਵਾਈ ਦਿੱਤੀ ਜਾ ਰਹੀ ਹੈ।
10 ਨਸ਼ਾ ਤਸਕਰਾਂ ਦੇ ਮਕਾਨ ਢਾਹੇ
ਐੱਸਐੱਸਪੀ ਯਾਦਵ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਵਿੱਚ 10 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਇਮਾਰਤਾਂ ਢਾਹੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੁਝ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਵੀ ਅਟੈਚ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਇੱਕ ਨਸ਼ਾ ਤਸਕਰ ਦੀ 50 ਲੱਖ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਵੀ ਕੁਝ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਅਟੈਚ ਕਰਨ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ।