ਨੇੜਲੇ ਪਿੰਡ ਮਿੱਠੇਵਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕਰਵਾਈ ਗਈ ਜਿਸ ਵਿਚ ਆਸਪਾਸ ਪਿੰਡਾਂ ਦੇ ਲੋਕਾਂ ਨੇ ਵੀ ਹਿੱਸਾ ਲਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਪੁੱਜੇ ਜਿਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦ੍ਰਿੜ ਸੰਕਲਪ ਲਿਆ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਸਦਕਾ ਇਹ ਮੁਹਿੰਮ ਸਫ਼ਲਤਾ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਕਾਰਨ ਜਿੱਥੇ ਸੂਬੇ ਵਿਚ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਹੈ ਉੱਥੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ।
ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡਾਂ ਵਿਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਸ ਜਾਂ ਮੈਨੂੰ ਸੂਚਿਤ ਕਰਨ, ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਨੌਜਵਾਨ ਨਸ਼ਾ ਕਰਦਾ ਹੈ ਤਾਂ ਉਸ ਨੂੰ ਇਲਾਜ ਲਈ ਦਾਖਲ ਕਰਵਾਉਣ ਜਿਸ ਦਾ ਸਰਕਾਰ ਵਲੋਂ ਇਲਾਜ ਮੁਫ਼ਤ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਜਗਮੀਤ ਸਿੰਘ ਮੱਕੜ ਨੇ ਵਿਧਾਇਕ ਦਿਆਲਪੁਰਾ ਨੂੰ ਵਿਸ਼ਵਾਸ ਦਿਵਾਇਆ ਕਿ ਬੇਟ ਖੇਤਰ ਦੇ ਪਿੰਡਾਂ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਲੋਕ ਇੱਕਜੁਟ ਹਨ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਸਪ੍ਰੀਤ ਸਿੰਘ ਮਾਂਗਟ, ਨਵਜੀਤ ਸਿੰਘ ਉਟਾਲ, ਚੇਅਰਮੈਨ ਮੇਜਰ ਸਿੰਘ ਬਾਲਿਓਂ, ਪ੍ਰਵੀਨ ਮੱਕੜ, ਸ਼ੈਂਟੀ ਮੌਂਗਾ, ਬਲਦੇਵ ਸਿੰਘ, ਮਨਜੀਤ ਸਿੰਘ ਮੱਕੜ, ਦਲਵੀਰ ਚੰਦ, ਗੁਰਬਖ਼ਸ ਸਿੰਘ, ਦਲਜੀਤ ਸਿੰਘ, ਸੁਰਿੰਦਰ ਕੁਮਾਰ, ਪਰਮਿੰਦਰ ਸਿੰਘ, ਮੋਹਕਮ ਸਿੰਘ, ਜਸਵੀਰ ਸਿੰਘ ਜੋਨੀ, ਮੰਗਤ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ ਵੀ ਮੌਜੂਦ ਸਨ।