ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 28 ਅਗਸਤ
ਦਲਿਤ ਪਰਿਵਾਰ ’ਤੇ ਕਥਿਤ ਤਸ਼ੱਦਦ ਲਈ ਜ਼ਿੰਮੇਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣਾ ਸਿਟੀ ਮੂਹਰੇ ਚੱਲ ਰਿਹਾ ਧਰਨਾ ਅੱਜ 159ਵੇਂ ਵੀ ਜਾਰੀ ਰਿਹਾ। ਇਸ ਦੌਰਾਨ 8 ਸਤੰਬਰ ਨੂੰ ਰੋਸ ਪ੍ਰਦਰਸ਼ਨ ਦੇ ਉਲੀਕੇ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਜਨਤਕ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦਾ ਘਿਰਾਓ ਕਰਨ ਤੋਂ ਪਹਿਲਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਦੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਦੱਸਿਆ ਕਿ 8 ਸਤੰਬਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਚੁੱਕਾ ਹੈ ਪਰ ਉਸ ਤੋਂ ਪਹਿਲਾਂ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਸੁੱਤੀ ਸਰਕਾਰ ਤੇ ਪੱਖਪਾਤ ਕਰ ਰਹੇ ਪੁਲੀਸ ਤੇ ਪ੍ਰਸ਼ਾਸਨ ਨੂੰ ਝੰਜੋੜਨ ਤੇ ਜਗਾਉਣ ਲਈ ਕੀਤਾ ਜਾਵੇਗਾ। ਸਾਢੇ ਪੰਜ ਮਹੀਨੇ ਤੋਂ ਚੱਲਦੇ ਧਰਨੇ ਦੇ ਬਾਵਜੂਦ ਪੰਜਾਬ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ ਹੈ।
ਮੁੱਦਈ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਤਸੀਹੇ ਝੱਲਣ ਤੋਂ ਬਾਅਦ ਉਸ ਦੀ ਪੀੜਤ ਭੈਣ 16 ਸਾਲ ਮੰਜੇ ’ਤੇ ਪਏ ਰਹਿਣ ਤੋਂ ਬਾਅਦ ਇਨਸਾਫ਼ ਮੰਗਦੀ ਹੋਈ 10 ਦਸੰਬਰ ਨੂੰ ਦੁਨੀਆਂ ਤੋਂ ਚਲੀ ਗਈ ਸੀ। ਉਸ ਦੀ ਮੌਤ ਦੇ ਦੂਜੇ ਦਿਨ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ ਪਰ ਅੱਜ ਕੇਸ ਦਰਜ ਹੋਏ ਨੂੰ ਅੱਠ ਮਹੀਨੇ ਲੰਘਣ ਦੇ ਬਾਵਜੂਦ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਗਏ। ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਜੱਗਾ ਸਿੰਘ ਢਿੱਲੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਬਲਦੇਵ ਸਿੰਘ ਫੌਜੀ, ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਆਦਿ ਧਰਨੇ ਵਿੱਚ ਸ਼ਾਮਲ ਹੋਏ। ਕੇਸ ਦੇ ਗਵਾਹ ਨਿਰਮਲ ਸਿੰਘ, ਅਵਤਾਰ ਸਿੰਘ ਰਸੂਲਪੁਰ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਕਰੀਬ 17 ਸਾਲ ਤਸੱਸ਼ਦ ਝੱਲਿਆ ਹੈ ਪਰ ਕਿਸੇ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ।