ਇੰਚ ਜ਼ਮੀਨ ਵੀ ਐਕੁਆਇਰ ਨਹੀਂ ਹੋਣ ਦੇਵਾਂਗੇ: ਧੀਮਾਨ
ਗੁਰਿੰਦਰ ਸਿੰਘ
ਲੁਧਿਆਣਾ, 11 ਜੁਲਾਈ
ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਇੱਕ ਮੰਗ ਪੱਤਰ ਸੌਂਪਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਧੀਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਲੈਂਡ ਪੂਲਿੰਗ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗੀ ਅਤੇ ਇਸ ਨਾਲ ਕਿਸਾਨ ਬਰਬਾਦ ਹੋ ਜਾਣਗੇ।
ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫਰਜ਼ੀ ਕਲੋਨੀਆਂ ਬਣਾਉਣ ਦੇ ਨਾਮ ’ਤੇ ਨੋਟੀਫਿਕੇਸ਼ਨ ਜਾਰੀ ਕਰ ਰਹੀ ਹੈ, ਜਿਸਦਾ ਅਸਲ ਉਦੇਸ਼ ਕਿਸਾਨਾਂ ਦੀ ਜ਼ਮੀਨ ਹੜੱਪਣਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਵੇਗੀ ਅਤੇ ਸਰਕਾਰ ਦੀ ਹਰ ਕਿਸਾਨ ਵਿਰੋਧੀ ਕਾਰਵਾਈ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ 2013 ਦੇ ਭੂਮੀ ਗ੍ਰਹਿਣ ਕਾਨੂੰਨ ਤਹਿਤ 80 ਪ੍ਰਤੀਸ਼ਤ ਕਿਸਾਨਾਂ ਦੀ ਸਹਿਮਤੀ ਲਾਜ਼ਮੀ ਹੈ ਅਤੇ ਜ਼ਮੀਨ ਸਿਰਫ਼ ਸੜਕਾਂ ਅਤੇ ਰਾਸ਼ਟਰੀ ਸੁਰੱਖਿਆ ਦੇ ਉਦੇਸ਼ਾਂ ਲਈ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਸੂਬਾਈ ਉਪ ਪ੍ਰਧਾਨ ਜਤਿੰਦਰ ਮਿੱਤਲ ਤੋਂ ਇਲਾਵਾ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ, ਨਵਲ ਜੈਨ ਅਤੇ ਡਾ. ਸਤੀਸ਼ ਕੁਮਾਰ ਵੀ ਮੌਜੂਦ ਸਨ।