ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਉਹ ਨਵੰਬਰ 1984 ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਵਾਹ ਲਗਾਉਣਗੇ ਅਤੇ ਦੁੱਖ ਤਕਲੀਫ਼ਾਂ ਪਹਿਲ ਦੇ ਆਧਾਰ ’ਤੇ ਦੂਰ ਕਰਾਉਣਗੇ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਮੁੜ ਪੈਰਾਂ ’ਤੇ ਖੜ੍ਹਾ ਹੋਣ ਦਾ ਮੌਕਾ ਮਿਲ ਸਕੇ। ਉਹ ਅੱਜ ਦੇਰ ਸ਼ਾਮ ਦੁੱਗਰੀ ਵਿੱਚ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਵੱਲੋਂ ਰੱਖੇ ਸਨਮਾਨ ਸਮਾਗਮ ਸਮੇਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਹਿ ’ਤੇ ਪੁਲੀਸ ਦੀ ਅਗਵਾਈ ਹੇਠ ਸਿੱਖ ਕੌਮ ਦੇ ਹੋਏ ਕਤਲੇਆਮ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਵਿਧਾਇਕ ਦਾ ਸਵਾਗਤ ਕਰਦਿਆਂ ਮੰਗ ਪੱਤਰ ਦਿੱਤਾ ਗਿਆ। -ਨਿੱਜੀ ਪੱਤਰ ਪ੍ਰੇਰਕ