ਸਤਵਿੰਦਰ ਬਸਰਾ
ਲੁਧਿਆਣਾ, 26 ਜੁਲਾਈ
ਕੋਵਿਡ-19 ਕਰਕੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ਵਿੱਚ ਅੱਜ ਤੋਂ 10ਵੀਂ, 11ਵੀਂ ਅਤੇ 12ਵੀਂ ਦੀਆਂ ਜਮਾਤਾਂ ਸ਼ੁਰੂ ਹੋਣ ਨਾਲ ਵਿਦਿਆਰਥੀਆਂ ਦੀ ਦੁਬਾਰਾ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਸ਼ਹਿਰ ਦੇ ਲਗਪੱਗ ਸਾਰੇ ਹੀ ਸਰਕਾਰੀ ਸਕੂਲਾਂ ਵਿੱਚ ਅੱਜ ਪਹਿਲੇ ਦਿਨ ਮਾਪੇ ਮੀਟਿੰਗ ਹੋਈ ਜੋ 27 ਜੁਲਾਈ ਨੂੰ ਵੀ ਕੀਤੀ ਜਾਵੇਗੀ। ਇਸ ਦੌਰਾਨ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 50-55 ਫੀਸਦ ਤੱਕ ਦਰਜ ਕੀਤੀ ਗਈ ਜਦਕਿ ਕਈਆਂ ਵਿੱਚ ਇਹ ਨਾ-ਮਾਤਰ ਰਹੀ। ਕੋਵਿਡ-19 ਮਹਾਮਾਰੀ ਦਾ ਪ੍ਰਭਾਵ ਘੱਟ ਹੁੰਦਿਆਂ ਹੀ ਸੂਬਾ ਸਰਕਾਰ ਨੇ ਵੱਡੀਆਂ ਜਮਾਤਾਂ ਲਈ ਅੱਜ ਤੋਂ ਸਾਰੇ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਸਨ। ਇਨਾਂ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹੇ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 10ਵੀਂ, 11ਵੀਂ ਅਤੇ 12ਵੀਂ ਦੀਆਂ ਜਮਾਤਾਂ ਸ਼ੁਰੂ ਹੋ ਗਈਆਂ। ਸਰਕਾਰੀ ਸਕੂਲਾਂ ਵਿੱਚ ਅੱਜ ਮਾਪੇ ਮਿਲਣੀ ਹੋਈ ਜਿਸ ਵਿੱਚ ਮਾਪਿਆਂ ਤੋਂ ਬੱਚਿਆਂ ਸਕੂਲਾਂ ਵਿੱਚ ਪੜ੍ਹਾਉਣ ਲਈ ਸਹਿਮਤੀ ਪੱਤਰ ਲਏ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀਏਯੂ ਦੇ ਪ੍ਰਿੰਸੀਪਲ ਸੰਜੀਵ ਥਾਪਰ ਨੇ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ 70 ਫੀਸਦ ਤੋਂ ਵੱਧ ਹੋਣ ਦਾ ਦਾਅਵਾ ਕੀਤਾ ਹੈ। ਉਨਾਂ ਕਿਹਾ ਕਿ ਬੀਤੇ ਦਿਨ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਕੂਲ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਸੀ। ਪਹਿਲੇ ਦਿਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ ਜੋ ਨਵੀਆਂ ਹਦਾਇਤਾਂ ਤੱਕ ਜਾਰੀ ਰਹੇਗਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿੱਟਰੀ ਰੋਡ ਦੀ ਪ੍ਰਿੰਸੀਪਲ ਤਸਕੀਨ ਅਖਤਰ ਅਨੁਸਾਰ ਪਹਿਲੇ ਦਿਨ ਮਾਪੇ ਮੀਟਿੰਗ ਹੋਣ ਕਰ ਕੇ ਵਿਦਿਆਰਥੀਆਂ ਦੀ ਗਿਣਤੀ 55 ਫੀਸਦ ਤੱਕ ਸੀ ਜੋ ਆਉਂਦੇ ਦਿਨਾਂ ਵਿੱਚ ਹੋਰ ਵਧਣ ਦੀ ਉਮੀਦ ਹੈ। ਇਸੇ ਤਰ੍ਹਾਂ ਸੁਖਦੇਵ ਥਾਪਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਮਾਪੇ ਮਿਲਣੀ ਕੀਤੀ ਗਈ। ਜਮਾਤਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਸੀ। ਜਿਹੜੇ ਬੱਚੇ ਆਪਣੇ ਮਾਪਿਆਂ ਨਾਲ ਆਏ ਸਨ, ਉਹ ਮਿਲਣੀ ਤੋਂ ਬਾਅਦ ਹੀ ਵਾਪਸ ਵੀ ਚਲੇ ਗਏ। ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਥਾਨਕ ਸਪਰਿੰਗ ਡੇਲ ਸਕੂਲ ਵਿੱਚ ਵਿਦਿਆਰਥੀਆਂ ਦੇ ਸਵਾਗਤ ਲਈ ਬੈਂਡ ਦੀਆਂ ਧੁੰਨਾਂ ਵਜਾਈਆਂ ਗਈਆਂ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਬੱਚਿਆਂ ਨੂੰ ਨਿੱਘੀ ਜੀ ਆਇਆਂ ਆਖੀ।