ਹੜ੍ਹ ਪ੍ਰਭਾਵਿਤ ਪਿੰਡਾਂ ’ਚ ਡਾਕਟਰੀ ਸੇਵਾਵਾਂ ਮੁਹੱਈਆ ਕਰਾਵਾਂਗੇ: ਸ਼ਾਹੀ ਇਮਾਮ
ਪੰਜਾਬ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੁਸਲਿਮ ਭਾਈਚਾਰੇ ਨੇ ਅਹਿਰਾਰ ਫਾਉਂਡੇਸ਼ਨ ਨੂੰ ਫੋਰਸ ਕੰਪਨੀ ਦੀ ਇੱਕ ਐਬੂਲੈਂਸ ਭੇਟ ਕੀਤੀ ਹੈ। ਅੱਜ ਜਾਮਾ ਮਸਜਿਦ ਬਾਹਰ ਐਬੂਲੈਂਸ ਨੂੰ ਹਰੀ ਝੰਡੀ ਦਿਖਾਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਇਕਜੁੱਟ ਹੋ ਕੇ ਹੜ੍ਹਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਲਗਾਤਾਰ ਸੇਵਾ ਕਰਨ ਵਾਲੇ ਡਾਕਟਰ ਸਾਹਿਬਾਨ ਨੂੰ ਇੱਕ ਐਬੂਲੈਂਸ ਖਰੀਦ ਕੇ ਅਹਿਰਾਰ ਫਾਊਂਡੇਸ਼ਨ ਨੂੰ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਸ ਐਬੂਲੈਂਸ ਵਿੱਚ ਅਗਲੇ ਦੋ ਮਹੀਨਿਆਂ ਤੱਕ ਲਗਾਤਾਰ ਡਾਕਟਰਾਂ ਦੀ ਟੀਮ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਰੋਜ਼ਾਨਾ ਕੈਂਪ ਲਗਾਉਣਗੇ ਅਤੇ ਮੁਫ਼ਤ ਦਵਾਈਆਂ ਵੰਡਣਗੇ। ਸ਼ਾਹੀ ਇਮਾਮ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਗੈਰ ਸਰਕਾਰੀ ਸਕੂਲਾਂ ਨੂੰ ਯਕੀਨ ਦਵਾਇਆ ਗਿਆ ਹੈ ਕਿ ਉਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀਆਂ ਕਿਤਾਬਾਂ ਕਾਪੀਆਂ ਅਤੇ ਵਰਦੀਆਂ ਵੀ ਮੁਸਲਿਮ ਭਾਈਚਾਰੇ ਵੱਲੋਂ ਅਹਿਰਾਰ ਫਾਊਂਡੇਸ਼ਨ ਮੁਫ਼ਤ ਦੇਵੇਗੀ।