ਗੁਰੂਸਰ ਸੁਧਾਰ (ਸੰਤੋਖ ਗਿੱਲ): ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ 1 ਜਨਵਰੀ ਤੋਂ ਚੱਲ ਰਹੇ ਪੱਕੇ ਮੋਰਚੇ ਦੀ ਸਮਾਪਤੀ ਮੌਕੇ ਜੇਤੂ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਲੰਬੇ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਦੇਸ਼ ਦੇ ਸਭ ਤੋਂ ਵੱਡੇ ਕਾਰਪੋਰੇਟ ਘਰਾਣੇ ਅਡਾਨੀ ਵੱਲੋਂ ਕਿਲ੍ਹਾ ਰਾਏਪੁਰ ਵਿਚ ਖ਼ੁਸ਼ਕ ਬੰਦਰਗਾਹ ਸਾਹਮਣੇ ਲਾਏ ਫੱਟੇ ਲਾਹ ਦੇਣ ਨਾਲ ਹੀ ਹੋ ਗਈ ਸੀ। ਵਿਵਾਦਿਤ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਰਾਹ ਵੀ ਉਸ ਦਿਨ ਹੀ ਪੱਧਰਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਅੰਦੋਲਨ ਤਾਂ ਉਦੋਂ ਹੀ ਖ਼ਤਮ ਹੋਵੇਗਾ ਜਦੋਂ ਦੇਸੀ-ਵਿਦੇਸ਼ੀ ਲੁਟੇਰਿਆਂ ਦੀ ਲੁੱਟ ਦਾ ਰਾਹ ਰੋਕ ਦਿਆਂਗੇ। ਮੋਰਚੇ ਦੀ ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋਂ ਅਤੇ ਅੰਦੋਲਨ ਦੌਰਾਨ ਆਪਣੀ ਜਾਨ ਵਾਰਨ ਵਾਲੇ ਸੱਤ ਸੌ ਤੋਂ ਵੱਧ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨੂੰ ਟਰੈਕਟਰ ਮਾਰਚ ਕਰ ਕੇ ਮੋਰਚੇ ਵਾਲੀ ਥਾਂ ਲਿਆਂਦਾ ਗਿਆ। ਸੰਧੂ ਨੇ ਕਿਹਾ ਕਿ ਅੰਦੋਲਨ ਦੀ ਜਿੱਤ ਤੋਂ ਉਤਸ਼ਾਹਿਤ ਹੋ ਕੇ ਲੋਕ ਹੁਣ ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀਕਰਨ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਲੜਾਈ ਤੇਜ਼ ਕਰਨਗੇ। ਲਖੀਮਪੁਰ ਖੀਰੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਨਵੀਆਂ ਧਾਰਾਵਾਂ ਜੋੜਨ ਨਾਲ ਭਾਜਪਾ ਦਾ ਝੂਠ ਨੰਗਾ ਹੋ ਗਿਆ ਹੈ, ਉਨ੍ਹਾਂ ਮੋਦੀ ਸਰਕਾਰ ਅਤੇ ਉਸ ਦੇ ਜੋਟੀਦਾਰਾਂ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇ ਦੇਣ ਦੀ ਨਸੀਹਤ ਦਿੱਤੀ।