ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਜੁਲਾਈ
ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੱਗੇ ਜਬਰ-ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੀਆਂ ਔਰਤਾਂ ਅੱਜ ਵਿਧਾਇਕ ਬੈਂਸ ਦੇ ਹੱਕ ’ਚ ਨਿੱਤਰ ਆਈਆਂ। ਲੋਕ ਇਨਸਾਫ਼ ਪਾਰਟੀ ਦੇ ਮਹਿਲਾ ਵਿੰਗ ਦੀਆਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੂੰ ਸਿਆਸੀ ਤੌਰ ’ਤੇ ਬਦਨਾਮ ਕਰਨ ਲਈ ਸਮੇਂ ਸਮੇਂ ’ਤੇ ਕੋਝੀਆਂ ਚਾਲਾਂ ਚੱਲੀਆਂ ਜਾਂਦੀਆਂ ਹਨ, ਜਿਸ ਵਿੱਚ ਵਿਰੋਧੀ ਆਗੂਆਂ ਨੂੰ ਕਦੇ ਸਫਲਤਾ ਨਹੀਂ ਮਿਲੀ। ਮਹਿਲਾ ਆਗੂਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਹੁਣ ਤੋਂ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਹਮੇਸ਼ਾ ਪੰਜਾਬ ਦੇ ਦਲਿਤ, ਗ਼ਰੀਬ ਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਿਧਾਨ ਸਭਾ ਵਿੱਚ ਆਵਾਜ਼ ਚੁੱਕਦੇ ਆ ਰਹੇ ਹਨ। ਵਿਰੋਧੀ ਆਗੂਆ ਵੱਲੋਂ ਜ਼ਮੀਨੀ ਪੱਧਰ ’ਤੇ ਜੁੜੇ ਵਿਧਾਇਕ ਬੈਂਸ ਨੂੰ ਬਦਨਾਮ ਕਰਨ ਲਈ ਨਵੀਆਂ ਚਾਲ ਚੱਲੀ ਜਾ ਰਹੀ ਹੈ। ਮਹਿਲਾ ਆਗੂਆਂ ਨੇ ਕਿਹਾ ਕਿ ਸਿਆਸੀ ਆਗੂਆ ਵੱਲੋਂ ਵਿਧਾਇਕ ਬੈਂਸ ਨੂੰ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਹਿਲਾ ਆਗੂਆਂ ਨੇ ਕਿਹਾ ਕਿ ਲੋਕ ਸਭ ਜਾਣਦੇ ਹਨ ਅਤੇ ਵੋਟਾਂ ਨੇੜੇ ਆਉਂਦਿਆਂ ਹੀ ਤਰ੍ਹਾਂ ਤਰ੍ਹਾਂ ਦੇ ਹੱਥਕੰਢੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਸਤੀ ਸ਼ੋਹਰਤ ਵਟੋਰਨਾ ਚਾਹੁੰਦੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਕਾਮਯਾਬ ਨਹੀਂ ਮਿਲੇਗੀ। ਮਹਿਲਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਹ ਇਸ ਕੇਸ ਵਿੱਚੋਂ ਬਾ-ਇੱਜ਼ਤ ਬਰੀ ਹੋਣਗੇ। ਇਸ ਮੌਕੇ ਗੁਰਬਚਨ ਕੌਰ, ਅਮਰਜੀਤ ਕੌਰ ਬੱਗਾ, ਸੁਖਵੰਤ ਕੌਰ, ਵੀਮਲ ਗਿੱਲ, ਸੁਨੀਤਾ ਗਿੱਲ, ਕਮਲਜੀਤ ਕੌਰ, ਬਲਵਿੰਦਰ ਕੌਰ, ਸੋਨੀ ਮੈਹਰਾ, ਵਿੱਦਿਆ ਰਾਣੀ ਆਦਿ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਇੱਥੋਂ ਦੀ ਇੱਕ ਔਰਤ ਵੱਲੋਂ ਜਬਰ ਜਨਾਹ ਦੇ ਦੋਸ਼ ਲਾਏ ਗਏ ਹਨ। ਪਿਛਲੇ ਦਿਨੀਂ ਇੱਥੋਂ ਦੀ ਇੱਕ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਸਨ।