ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਜੂਨ
ਸੈਂਟਰ ਆਫ਼ ਟਰੇਡ ਯੂਨੀਅਨਜ਼ ਪੰਜਾਬ (ਸੀਟੀਯੂ) ਦੇ ਝੰਡੇ ਹੇਠ ਜ਼ਿਲ੍ਹਾ ਜਨਰਲ ਸਕੱਤਰ ਕਾ. ਜਗਦੀਸ਼ ਚੰਦ ਦੀ ਅਗਵਾਈ ਵਿੱਚ ਮਜ਼ਦੂਰ ਜਮਾਤ ਵੱਲੋਂ ਆਪਣੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਕਿਰਤ ਦਫ਼ਤਰ ਦੇ ਬਾਹਰ ਰੋਸ ਧਰਨਾ ਦੇ ਕੇ ਲੇਬਰ ਮਹਿਕਮੇ ਦੇ ਅਧਿਕਾਰੀਆਂ ਜਸਵੀਰ ਸਿੰਘ ਖਰੌੜ ਤੇ ਗੁਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਕਾ.ਜਗਦੀਸ਼ ਚੰਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ 44 ਕਾਨੂੰਨ ਤੋੜ ਕੇ ਬਣਾਏ ਗਏ 4 ਕਿਰਤ ਕੋਡ ਵਿਧਾਨ ਸਭਾ ਵਿੱਚ ਰੱਦ ਕਰਕੇ ਕਿਰਤ ਕਾਨੂੰਨਾਂ ਨੂੰ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ 2012 ਤੋਂ ਬਾਅਦ ਘੱਟੋ-ਘੱਟ ਉਜਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਜੋ ਅਸੂਲਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇੱਕ ਮਾਰਚ 2022 ਤੋਂ ਅਣਸਕਿਲਡ ਮਜ਼ਦੂਰਾਂ ਦੀਆਂ ਉਜਰਤਾਂ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਇਸੇ ਅਨੁਪਾਤ ਅਨੁਸਾਰ ਬਾਕੀ ਕੈਟਾਗਰੀਆਂ ਦੀਆਂ ਉਜਰਤਾਂ ਵਿੱਚ ਵੀ ਵਾਧਾ ਕੀਤਾ ਜਾਵੇ। ਕਾ. ਜਗਦੀਸ਼ ਚੰਦ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੂੰ ਬੋਰਡ ਵਿੱਚ ਲਿਆ ਜਾਵੇ ਅਤੇ ਨਿਰਮਾਣ ਮਜ਼ਦੂਰਾਂ ਦਾ ਕੰਮ ਸਹੀ ਢੰਗ ਨਾਲ ਚਲਾਉਣ ਲਈ ਯੂਨੀਅਨ ਨੂੰ ਪੋਰਟਲ ਦਿੱਤਾ ਜਾਵੇ ਤਾਂਕਿ ਮਜ਼ਦੂਰਾਂ ਦੀ ਪੰਜਾਬ ਅੰਦਰ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਭੱਠਿਆਂ ’ਤੇ ਕੰਮ ਕਰਦੇ ਮਜ਼ਦੂਰਾਂ ਲਈ ਫੈਕਟਰੀ ਐਕਟ ਲਾਗੂ ਕੀਤਾ ਜਾਵੇ। ਇਸ ਮੌਕੇ ਕਾ.ਰਘਬੀਰ ਸਿੰਘ ਬੈਨੀਪਾਲ ਨੇ ਵੀ ਸੰਬੋਧਨ ਕਰਦਿਆਂ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਧਰਨਾਕਾਰੀਆਂ ਨੂੰ ਬਲਰਾਮ ਸਿੰਘ, ਸੁਦੇਸ਼ਵਰ ਤਿਵਾੜੀ, ਅਜੀਤ ਕੁਮਾਰ, ਹੀਰਾ ਲਾਲ, ਤਸੀਲਦਾਰ ਯਾਦਵ, ਹਰਜੀਤ ਸਿੰਘ, ਰੈਜਾ ਲਾਲ, ਅਸ਼ੋਕ ਭਾਰਤੀ, ਸੁਨੀਲ ਗਿਰੀ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।