ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਮਈ
ਜੁਆਇੰਟ ਕੌਂਸਲ ਆਫ਼ ਟਰੇਡ ਯੂਨੀਅਨਜ਼ ਵੱਲੋਂ ਕਿਰਤ ਕਾਨੂੰਨਾਂ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਆਗੂਆਂ ਨੇ ਕਿਰਤ ਕਾਨੂੰਨਾਂ ਦੀ ਬਹਾਲੀ ਲਈ ਜ਼ੋਰਦਾਰ ਸਾਂਝਾ ਸੰਘਰਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਪੀਏਯੂ ਐਂਪਲਾਈਜ਼ ਯੂਨੀਅਨ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਸਾਥੀ ਬਲਦੇਵ ਸਿੰਘ ਵਾਲੀਆ, ਕੇਵਲ ਸਿੰਘ ਬਨਵੈਤ, ਡਾ. ਐੱਚ ਐੱਸ ਕਿੰਗਰਾ ਅਤੇ ਵਿਜੇ ਕੁਮਾਰ ਸ਼ਾਮਲ ਸਨ। ਮੁੱਖ ਬੁਲਾਰੇ ਵਜੋਂ ਪੁੱਜੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੀ ਕੌਮੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਪਿਛਲੇ 100 ਸਾਲਾਂ ਵਿੱਚ ਸੰਘਰਸ਼ ਨਾਲ ਪ੍ਰਾਪਤ ਕੀਤੇ 29 ਲੇਬਰ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਾਰ ਲੇਬਰ ਕੋਡਾਂ ਵਿੱਚ ਬਦਲ ਕੇ ਮਜ਼ਦੂਰ ਜਮਾਤ ਨਾਲ ਵੱਡਾ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਦੇ 15 ਕਾਨੂੰਨਾਂ ਬਾਰੇ ਵੀ ਤਲਵਾਰ ਲਟਕ ਰਹੀ ਹੈ। ਇਸ ਤੋਂ ਪਹਿਲਾਂ ਏਟਕ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਅਤੇ ਜੁਆਇੰਟ ਕੌਂਸਲ ਆਫ਼ ਟਰੇਡ ਯੂਨੀਅਨਜ਼ ਦੇ ਜਨਰਲ ਸਕੱਤਰ ਕਾਮਰੇਡ ਡੀਪੀ ਮੌੜ ਨੇ ਜੀ ਆਇਆਂ ਕਹਿੰਦਿਆਂ ਦੱਸਿਆ ਕਿ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂ ਵਰਕਸ਼ਾਪ ਵਿੱਚ ਸ਼ਾਮਲ ਹੋਏ ਹਨ।