ਵਿਸ਼ਵ ਫੋਟੋਗ੍ਰਾਫੀ ਦਿਵਸ: ਦੋ ਰੋਜ਼ਾ ਫੋਟੋ ਨੁਮਾਇਸ਼ ਸ਼ੁਰੂ
ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਹਰ ਸਾਲ ਲਾਈ ਜਾਂਦੀ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਅੱਜ ਤੋਂ ਸਥਾਨਕ ਸਤਲੁਜ ਕਲੱਬ ਵਿੱਚ ਸ਼ੁਰੂ ਹੋ ਗਈ। ਇਸ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨਗਰ ਨਿਗਮ ਦੀ ਮੇਅਰ ਇੰਦਰਜੀਤ ਕੌਰ ਅਤੇ ਏਡੀਸੀ ਅਮਰਜੀਤ ਸਿੰਘ ਬੈਂਸ ਨੇ ਸ਼ਿਰਕਤ ਕੀਤੀ।
ਸ੍ਰੀ ਮੁੰਡੀਆਂ ਨੇ ਸਮੂਹ ਫੋਟੋ ਪੱਤਰਕਾਰਾਂ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ‘ਵਨ ਥਾਊਜ਼ੈਂਡ ਵਰਡਸ’ ਨਾਂ ਹੇਠ ਲਾਈ ਇਸ ਫੋਟੋ ਨੁਮਾਇਸ਼ ਵਿੱਚ ਪ੍ਰਦਰਸ਼ਿਤ ਹਰ ਫੋਟੋ ਇੱਕ ਕਹਾਣੀ ਬਿਆਨ ਕਰ ਰਹੀ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਕੀਤਾ ਇਹ ਉਪਰਾਲਾ ਸ਼ਲਾਘਾਯੋਗ ਹੈ। ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵੱਖ ਵੱਖ ਅਦਾਰਿਆਂ ਵਿੱਚ ਕੰਮ ਕਰਦੇ 21 ਫੋਟੋ ਪੱਤਰਕਾਰਾਂ ਦੀਆਂ 42 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਇਹ 9ਵੀਂ ਪ੍ਰਦਰਸ਼ਨੀ ਲਾਈ ਗਈ ਹੈ। ਇਸ ਪ੍ਰਦਰਸ਼ਨੀ ਨੂੰ ਨਾ ਸਿਰਫ ਸ਼ਹਿਰ ਦੇ ਕਲਾ ਪ੍ਰੇਮੀਆਂ ਵੱਲੋਂ ਸਗੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੀ ਰਹੇਗੀ ਅਤੇ ਐਂਟਰੀ ਮੁਫ਼ਤ ਹੋਵੇਗੀ।