ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਜੁਲਾਈ
ਬਾਬਾ ਜ਼ਾਹਿਰ ਬਲੀ ਸ਼ਾਹ ਚਿਸ਼ਤੀ ਕਮੇਟੀ ਬੱਦੋਵਾਲ ਦੇ ਪ੍ਰਧਾਨ ਅਤੇ ਸਿਰਕੱਢ ਯੂਥ ਅਕਾਲੀ ਦਲ ਆਗੂ ਤਰਸਪ੍ਰੀਤ ਸਿੰਘ ਗਗਲੀ ਗਰੇਵਾਲ ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਯੂਥ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਪੰਜਾਬ ਸਰਕਾਰ ਦੇ ਖ਼ੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਸਮੇਤ ਹੋਰ ਕਈ ਵੱਡੇ ਆਗੂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਨੌਜਵਾਨਾਂ ਦੇ ਹਿਤ ਕਾਂਗਰਸ ਪਾਰਟੀ ਵਿੱਚ ਹੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਕਾਂਗਰਸ ਪਾਰਟੀ ਨੌਜਵਾਨਾਂ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਹੀਂ ਵਰਤਦੀ। ਕੈਪਟਨ ਸੰਦੀਪ ਸੰਧੂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਪ੍ਰਿਥੀਪਾਲ ਸਿੰਘ ਪਾਲੀ, ਜਸ਼ਨਦੀਪ ਸਿੰਘ, ਜਗਦੇਵ ਸਿੰਘ, ਲਵਲੀ ਖ਼ੁਰਮਾ, ਲਵਦੀਪ ਸਿੰਘ, ਬੌਬੀ ਝਾਂਜੀ, ਜਸਕਮਲ ਸਿੰਘ, ਸੰਦੀਪ ਸਿੰਘ ਅਤੇ ਨਿੰਦਰ ਸਿੰਘ ਸ਼ਾਮਲ ਸਨ।