ਵੈਟਰਨਰੀ ’ਵਰਸਿਟੀ ਵਿੱਚ ਯੁਵਕ ਮੇਲਾ ਭਲਕ ਤੋਂ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦਾ ਯੁਵਕ ਮੇਲਾ 26 ਨਵੰਬਰ ਤੋਂ 5 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਯੁਵਕ ਮੇਲਾ ਦੋ ਪੜਾਵਾਂ ਵਿਚ ਕਰਵਾਇਆ ਜਾਵੇਗਾ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਦੱਸਿਆ ਕਿ ਯੁਵਕ ਮੇਲੇ ਦਾ ਪਹਿਲਾ ਪੜਾਅ 26 ਤੋਂ 29 ਨਵੰਬਰ ਤੱਕ ਅਤੇ ਦੂਸਰਾ ਪੜਾਅ 3 ਦਸੰਬਰ ਤੋਂ 5 ਦਸੰਬਰ ਤਕ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਇਸ ਮੇਲੇ ਲਈ ਭਾਰੀ ਉਤਸ਼ਾਹ ਅਤੇ ਚਾਅ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਡੇ ਵਿਦਿਆਰਥੀ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਬੜੀਆਂ ਜ਼ਿਕਰਯੋਗ ਕਾਰਗੁਜ਼ਾਰੀਆਂ ਦਰਜ ਕਰਦੇ ਹਨ ਅਤੇ ਖੇਤੀਬਾੜੀ ਤੇ ਵੈਟਨਰੀ ਯੂਨੀਵਰਸਿਟੀਆਂ ਦੇ ਸਰਬ ਹਿੰਦ ਯੁਵਕ ਮੇਲਿਆਂ ਵਿੱਚ ਇਨ੍ਹਾਂ ਵਿਦਿਆਰਥੀਆਂ ਨੇ ਕਈ ਅਹਿਮ ਪ੍ਰਤੀਯੋਗਤਾਵਾਂ ਵਿੱਚ ਇਨਾਮ ਹਾਸਲ ਕੀਤੇ ਹਨ। ਉਪ ਕੁਲਪਤੀ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਯੁਵਕ ਮੇਲਾ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਤੇ ਨਵਾਂਪਨ ਲਿਆਉਣ ਦਾ ਇਕ ਵਧੀਆ ਮੰਚ ਬਣਦਾ ਹੈ। ਪ੍ਰਬੰਧਕੀ ਸਕੱਤਰ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਦੱਸਿਆ ਕਿ ਮੇਲੇ ਦੇ ਸਾਰੇ ਕਾਰਜਾਂ ਤੇ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਸਿਰੇ ਚੜਾਉਣ ਲਈ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।
