DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੇਪਰ ਲੀਕ ਖ਼ਿਲਾਫ਼ ਨੌਜਵਾਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ

ਭਰਤੀ ਪ੍ਰੀਖਿਆਵਾਂ ’ਚ ਪਾਰਦਰਸ਼ਤਾ ਲਿਆਉਣ ਦੀ ਮੰਗ; ਵੇਰਕਾ ਮਿਲਕ ਪਲਾਂਟ ਅੱਗੇ ਧਰਨਾ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆਵਾਂ ਦੌਰਾਨ ਹੋਏ ਕਥਿਤ ਪੇਪਰ ਲੀਕ ਅਤੇ ਨਕਲ ਘੋਟਾਲੇ ਖ਼ਿਲਾਫ਼ ਅੱਜ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵਕਾਲਤ ਕੀਤੀ।

Advertisement

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਵਿਦਿਆਰਥੀ ਆਗੂਆਂ ਨੇ ਆਖਿਆ ਕਿ ਪ੍ਰੀਖਿਆਵਾਂ ਵਿੱਚ ਕਥਿਤ ਪੇਪਰ ਲੀਕ ਅਤੇ ਨਕਲ ਦੀਆਂ ਘਟਨਾਵਾਂ ਕਾਰਨ ਦਿਨ-ਰਾਤ ਮਿਹਨਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਸਬੰਧਤ ਪ੍ਰੀਖਿਆ ਏਜੰਸੀਆਂ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਉਣ। ਵਿਦਿਆਰਥੀਆਂ ਨੇ ਜ਼ੋਰ ਦਿੱਤਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰੀਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਪੁਖ਼ਤਾ ਬਣਾਇਆ ਜਾਵੇ। ਇਸ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਪੋਸਟਰ ਜਾਰੀ ਕਰ ਕੇ ਸਮੁੱਚੇ ਵਿਦਿਆਰਥੀ ਭਾਈਚਾਰੇ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਸੀ। ਇਸ ਪੋਸਟਰ ਰਾਹੀਂ ਹਰੇਕ ਵਿਦਿਆਰਥੀ ਲਈ ਇਨਸਾਫ਼, ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਉਠਾਈ ਗਈ।

Advertisement

ਨੌਜਵਾਨਾਂ ਨੇ ਕਿਹਾ ਕਿ ਪ੍ਰੀਖਿਆ ਸੰਚਾਲਨ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਮੁਲਾਂਕਣ ਅਤੇ ਨਤੀਜਾ ਆਉਣ ਤੱਕ ਹਰੇਕ ਪੜਾਅ ’ਚ ਪਾਰਦਰਸ਼ਤਾ ਹੋਣੀ ਜ਼ਰੂਰੀ ਹੈ, ਤਾਂ ਜੋ ਯੋਗ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਮਿਲ ਸਕੇ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਹ ਅੰਦੋਲਨ ਪੂਰੀ ਤਰ੍ਹਾਂ ਗੈਰ-ਸਿਆਸੀ ਹੈ ਅਤੇ ਇਸ ਦਾ ਮਕਸਦ ਆਵਾਜਾਈ ਵਿੱਚ ਵਿਘਨ ਪਾਉਣਾ ਨਹੀਂ, ਸਗੋਂ ਸਰਕਾਰ ਦਾ ਧਿਆਨ ਨੌਜਵਾਨਾਂ ਦੇ ਮੁੱਦਿਆਂ ਵੱਲ ਦਿਵਾਉਣਾ ਹੈ। ਉਨ੍ਹਾਂ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟਾਇਆ।

ਇਸ ਮੌਕੇ ਸ਼ੁਭਮ ਸ਼ਰਮਾ, ਪੁਰੂਸ਼ਾਰਥ ਸ਼ਰਮਾ ਅਤੇ ਮ੍ਰਿਗਬੀਰ ਚੱਢਾ ਸਣੇ ਹੋਰਨਾਂ ਨੌਜਵਾਨਾਂ ਨੇ ਸੰਬੋਧਨ ਕਰਦਿਆਂ ਨਿਰਪੱਖ ਭਰਤੀ ਪ੍ਰਕਿਰਿਆ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਸ਼ਾਂਤਮਈ ਢੰਗ ਨਾਲ ਜਾਰੀ ਰਹੇਗੀ।

Advertisement
×