ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਹਲਾਕ
ਦੁੱਗਰੀ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ’ਤੇ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ 300 ਮੀਟਰ ਤੱਕ ਘਿਸੜਦੀ ਹੋਈ ਚਲੀ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਨੌਜਵਾਨ ਦੀ ਪਛਾਣ ਗੋਲਡਨ ਐਨਕਲੇਵ ਵਾਸੀ ਵਿਕਾਸ ਸ਼ਰਮਾ ਵੱਜੋਂ ਹੋਈ ਹੈ। ਨੌਜਵਾਨ ਨੂੰ ਮੌਕੇ ਤੋਂ ਚੁੱਕ ਕੇ ਡੀਐੱਮਸੀ ਹਸਪਤਾਲ ਵੀ ਲਿਜਾਇਆ ਗਿਆ ਸੀ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਜਾਂਚ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ ਪੁਲੀਸ ਨੇ ਕਾਰ ਚਾਲਕ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਰਾਤ ਨੂੰ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਦੁੱਗਰੀ ਦੇ ਚੌਕ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਲਗਭਗ ਤਿੰਨ ਸੌ ਮੀਟਰ ਦੂਰ ਡਿੱਗਿਆ ਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਮੁਲਜ਼ਮ ਉੱਥੋਂ ਭੱਜ ਗਿਆ। ਵਿਕਾਸ ਦੇ ਸਿਰ ਅਤੇ ਮੂੰਹ ’ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਡੀਐੱਮਸੀ ਹਸਪਤਾਲ ਲੈ ਗਏ, ਪਰ ਉਸ ਦੀ ਮੌਤ ਹੋ ਗਈ। ਇਲਾਕੇ ਦੇ ਲੋਕਾਂ ਨੇ ਦੋਸ਼ ਲਗਾਇਆ ਕਿ ਪੁਲੀਸ ਨੂੰ ਤੁਰੰਤ ਸੂਚਿਤ ਕੀਤਾ ਗਿਆ, ਪਰ ਕੁਾਫ਼ੀ ਸਮੇਂ ਬਾਅਦ ਪੁਲੀਸ ਪਹੁੰਚੀ। ਜਿਸ ਕਾਰਨ ਕੋਈ ਕਾਰਵਾਈ ਨਹੀਂ ਹੋ ਸਕੀ ਅਤੇ ਮੁਲਜ਼ਮ ਕਾਰ ਚਾਲਕ ਨੂੰ ਭੱਜਣ ਦਾ ਮੌਕਾ ਮਿਲ ਗਿਆ। ਜਾਂਚ ਅਧਿਕਾਰੀ ਏਐਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਾਰ ਦਾ ਟਾਇਰ ਫਟਣ ਤੋਂ ਬਾਅਦ ਵੀ ਕਾਰ ਲੈ ਕੇ ਭੱਜ ਗਿਆ। ਪੁਲੀਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਮੁਲਜ਼ਮ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।