ਸੰਤੋਖ ਗਿੱਲ
ਗੁਰੂਸਰ ਸੁਧਾਰ, 21 ਮਾਰਚ
ਨੌਜਵਾਨ ਭਾਰਤ ਸਭਾ ਦੇ ਸੱਦੇ ‘ਤੇ ਪੱਖੋਵਾਲ ਬਲਾਕ ਦੇ ਪਿੰਡ ਜੁੜਾਹਾਂ ਵਿਚ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਸ਼ਾਲ ਮਾਰਚ ਕੱਢਿਆ।
ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਸੰਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਰਸਮ ਪੂਰਤੀ ਲਈ ਸ਼ਹੀਦਾਂ ਨੂੰ ਯਾਦ ਕਰਨ ਦੀ ਥਾਂ ਉਨ੍ਹਾਂ ਦੇ ਵਿਚਾਰਾਂ ਨੂੰ ਸਮਝਦਿਆਂ ਅੱਜ ਦੇ ਹਾਲਾਤਾਂ ’ਤੇ ਲਾਗੂ ਕਰਦੇ ਹੋਏ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਤਕਰੇ ਭਰਪੂਰ ਸਮਾਜ ਅਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨੂੰ ਖ਼ਤਮ ਕਰਕੇ ਬਿਹਤਰ ਸਮਾਜ ਸਿਰਜਣ ਲਈ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਨੌਜਵਾਨ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਅੱਜ ਵੀ ਇਕ ਸੁਪਨਾ ਹੀ ਬਣਿਆ ਹੋਇਆ ਹੈ। ਹਰ ਕਿਰਤੀ ਗ਼ਰੀਬੀ, ਮਹਿੰਗਾਈ, ਬੇਰੁਜ਼ਗਾਰੀ ਦੀ ਚੱਕੀ ਵਿਚ ਪਿਸ ਰਿਹਾ ਹੈ। ਅਜਿਹੇ ਹਾਲਾਤਾਂ ਨੂੰ ਬਦਲਣ ਲਈ ਸ਼ਹੀਦਾਂ ਦੀ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਲਗਾਤਾਰ ਲੋਕ ਭਲਾਈ ਦੇ ਹਰ ਕੰਮ ਤੋਂ ਹੱਥ ਪਿੱਛੇ ਖਿੱਚ ਰਹੀਆਂ ਹੋਣ ਅਤੇ ਲੋਕ ਦੋਖੀ ਨੀਤੀਆਂ ਕਾਰਨ ਗ਼ਰੀਬਾਂ ਅਤੇ ਅਮੀਰਾਂ ਦਾ ਪਾੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ‘ਇਨਕਲਾਬ’ ਦਾ ਸੁਨੇਹਾ ਘਰ-ਘਰ ਲਿਜਾਣ ਲਈ ਹੀ ਜਥੇਬੰਦੀ ਵੱਲੋਂ ਪਿੰਡਾਂ ਵਿਚ ਇਨਕਲਾਬੀ ਚੇਤਨਾ ਮੁਹਿੰਮ ਆਰੰਭੀ ਗਈ ਹੈ।