ਜ਼ਿਲ੍ਹਾ ਪਰਿਸ਼ਦ: ਅਕਾਲੀ ਦਲ ਨੇ ਚੋਣ ਮੁਹਿੰਮ ਭਖਾਈ
‘ਆਪ’ ਵਿਧਾਇਕ ਵੱਲੋਂ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਲਈ 31 ਲੱਖ, 11 ਲੱਖ ਅਤੇ 5 ਲੱਖ ਰੁਪਏ ਦੀ ਗਰਾਂਟ ਦੇਣ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇਸ ਬਿਆਨ ਦਾ ਵਿਰੋਧ ਕੀਤਾ ਹੈ ਅਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਹਰਜੋਤ ਸਿੰਘ ਮਾਂਗਟ ਅਤੇ ਬਲਾਕ ਸਮਿਤੀ ਜ਼ੋਨ ਜਾਤੀਵਾਲ ਤੋਂ ਉਮੀਦਵਾਰ ਕੁਲਦੀਪ ਸਿੰਘ ਜਾਤੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਚੋਣ ਸਭਾਵਾਂ ਕਰਨ ਲਈ ਪਿੰਡਾਂ ’ਚ ਪੁੱਜੇ ਜਿੱਥੇ ਇਨ੍ਹਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰਗੜੇ ਲਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਸਮਰਾਲਾ ਦੇ ਵਿਧਾਇਕ ਵੱਡੇ ਅਹੁਦੇ ’ਤੇ ਬੈਠੇ ਹਨ ਜਿਨ੍ਹਾਂ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਸ੍ਰੀ ਢਿੱਲੋਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਅਕਾਲੀ ਦਲ ਵੱਲੋਂ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਹੈ ਅਤੇ ਪਾਰਟੀ ਦਾ ਲੀਗਲ ਸੈੱਲ ਵੀ ਅਦਾਲਤ ਵਿਚ ਜਾਵੇਗਾ ਤਾਂ ਜੋ ‘ਆਪ’ ਵਿਧਾਇਕ ਵਲੋਂ ਜੋ ਵੋਟਰਾਂ ਨੂੰ ਲਾਲਚ ਦਿੱਤਾ ਜਾ ਰਿਹਾ ਹੈ ਉਸ ਖਿਲਾਫ਼ ਕਾਨੂੰਨੀ ਕਾਰਵਾਈ ਹੋ ਸਕੇ। ਸਾਬਕਾ ਹੀਰਾ ਸਿੰਘ ਗਾਬੜੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀਆਂ ਵਧੀਕੀਆਂ ਅਤੇ ਧਮਕੀਆਂ ਤੋਂ ਬੇਪ੍ਰਵਾਹ ਹੋ ਕੇ ਅਕਾਲੀ ਉਮੀਦਵਾਰਾਂ ਦਾ ਸਮਰਥਨ ਕਰਨ। ਅੱਜ ਪਿੰਡ ਮਾਣੇਵਾਲ, ਉਧੋਵਾਲ ਕਲਾਂ, ਮਿਲਕੋਵਾਲ, ਚਕਲੀ ਮੰਗਾਂ, ਹੰਬੋਵਾਲ, ਹੇਡੋਂ ਬੇਟ, ਗੜ੍ਹੀ ਤਰਖਾਣਾ ਵਿੱਚ ਵੀ ਚੋਣ ਸਭਾਵਾਂ ਕੀਤੀਆਂ ਗਈਆਂ ਜਿਸ ਵਿਚ ਕਈ ਲੋਕਾਂ ਨੇ ਬਾਕੀ ਸਿਆਸੀ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਸਾਥ ਦੇਣ ਦਾ ਐਲਾਨ ਕੀਤਾ।
