DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ’ਚ ਧੜੇਬੰਦੀ ਬਰਾਦਸ਼ਤ ਨਹੀਂ: ਰਾਹੁਲ ਗਾਂਧੀ

ਹਰਿਆਣਾ ਕਾਂਗਰਸ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ
  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 4 ਜੂਨ

Advertisement

ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪਿਛਲੇ ਲੰਬੇ ਸਮੇਂ ਤੋਂ ਧੜੇਬੰਦੀ ਦਾ ਸ਼ਿਕਾਰ ਹੋਏ ਹਰਿਆਣਾ ਕਾਂਗਰਸ ਦੇ ਵਰਕਰਾਂ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਹਰਿਆਣਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵੱਲੋਂ ਲਗਾਏ ਗਏ ਨਿਗਰਾਨਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗਾਂ ਕਰੀਬ ਤਿੰਨ ਘੰਟੇ ਚੱਲੀਆਂ। ਸ੍ਰੀ ਗਾਂਧੀ ਨੇ ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਦਿਆਂ ਸਾਰਿਆਂ ਨੂੰ ਇਕਜੁੱਟ ਹੋਣ ਦਾ ਮਸ਼ਵਰਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਧੜੇਬੰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਆਗੂ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਇਸ ਮੀਟਿੰਗ ਵਿੱਚ ਕਾਂਗਰਸ ਦੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬੀਕੇ ਹਰੀ ਪ੍ਰਸਾਦ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਸਣੇ 17 ਸੀਨੀਅਰ ਆਗੂ ਮੌਜੂਦ ਰਹੇ।

ਸ੍ਰੀ ਗਾਂਧੀ ਨੇ ਹਰਿਆਣਾ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਪਾਰਟੀ ਵੱਲੋਂ ਲਗਾਏ ਗਏ ਨਿਗਰਾਨਾਂ ਨੂੰ 30 ਜੂਨ ਤੱਕ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਲਈ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਨ ਵਾਲੇ ਆਗੂਆਂ ਦੇ ਨਾਵਾਂ ਵਾਲਾ ਪੈਨਲ ਤਿਆਰ ਕੀਤਾ ਜਾਵੇ। ਉਨ੍ਹਾਂ ਨਿਗਰਾਨਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਕਿਹਾ। ਉਨ੍ਹਾਂ ਨਿਗਰਾਨਾਂ ਨੂੰ ਵੱਡੇ ਆਗੂਆਂ ਦੇ ਘਰਾਂ ਵਿੱਚ ਜਾਣ ਦੀ ਥਾਂ ਛੋਟੇ ਵਰਕਰਾਂ ਦੇ ਘਰ ਜਾਣ ਅਤੇ ਪਾਰਟੀ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦਾ ਮਸ਼ਵਰਾ ਦਿੱਤਾ। ਸ੍ਰੀ ਗਾਂਧੀ ਨੇ ਕਿਹਾ ਕਿ ਕਿਸੇ ਵੀ ਨਿਗਰਾਨ ਦੀ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਹੈ ਅਤੇ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਗਾਂਧੀ ਨੇ ਦਲਿਤ ਸਮਾਜ ਦੀਆਂ ਔਰਤਾਂ ਨੂੰ ਵੀ ਰਾਜਨੀਤੀ ਵਿੱਚ ਮੂਹਰੇ ਲਿਆਉਣ ਵੱਲ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਮਾਜ ਲਈ ਚੰਗਾ ਕੰਮ ਕਰਨ ਵਾਲੇ ਸਮਾਜ ਸੇਵੀਆਂ ਨੂੰ ਵੀ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਹਰਿਆਣਾ ਕਾਂਗਰਸ ਨੂੰ ਪਿਛਲੇ ਲੰਬੇ ਸਮੇਂ ਤੋਂ ਧੜੇਬੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰ ਕੇ ਪਾਰਟੀ ਨੂੰ ਪਹਿਲਾਂ ਲੋਕ ਸਭਾ ਚੋਣਾਂ ਅਤੇ ਫਿਰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਧੜੇਬੰਦੀ ਨੂੰ ਖ਼ਤਮ ਕਰਨ ਲਈ ਅੱਜ ਰਾਹੁਲ ਗਾਂਧੀ ਖੁਦ ਚੰਡੀਗੜ੍ਹ ਪਹੁੰਚੇ ਸਨ। ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਕੀਤੀ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਹਰਿਆਣਾ ਕਾਂਗਰਸ ਦੇ ਜਥੇਬੰਦਕ ਢਾਂਚੇ ਦੀ ਮੀਟਿੰਗ ਲਈ 11 ਸਾਲ ਬਾਅਦ ਚੰਡੀਗੜ੍ਹ ਆਏ ਸਨ।

ਪਾਰਟੀ ਵਿੱਚ ਵਾਪਸੀ ਕਰਨ ਵਾਲਿਆਂ ਦਾ ਸਵਾਗਤ: ਬੀਕੇ ਹਰੀ ਪ੍ਰਸਾਦ

ਹਰਿਆਣਾ ਕਾਂਗਰਸ ਦੇ ਇੰਚਾਰਜ ਬੀਕੇ ਹਰੀ ਪ੍ਰਸਾਦ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਵੱਲੋਂ 30 ਜੂਨ ਤੱਕ ਸਾਰੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਾਰਟੀ ਵਿੱਚ ਧੜੇਬੰਦੀ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ, ਇਸ ਲਈ ਪਾਰਟੀ ਵਿੱਚ ਵਾਪਸੀ ਕਰਨ ਵਾਲੇ ਆਗੂਆਂ ਦਾ ਸਵਾਗਤ ਕੀਤਾ ਜਾਵੇਗਾ। ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਨੇ ਕਿਹਾ ਕਿ ਹਰਿਆਣਾ ਕਾਂਗਰਸ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਰਾਹੁਲ ਗਾਂਧੀ ਖੁਦ ਚੰਡੀਗੜ੍ਹ ਚੱਲ ਕੇ ਆਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਚੰਡੀਗੜ੍ਹ ਆਉਣਾ ਪਾਰਟੀ ਪ੍ਰਤੀ ਉਨ੍ਹਾਂ ਦੀ ਚਿੰਤਾ ਨੂੰ ਦਰਸਾਉਂਦਾ ਹੈ।

Advertisement
×