ਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲ
ਚੰਡੀਗਡ਼੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਮਿਲਣਾ ਚਾਹੀਦਾ: ਬਾਦਲ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਮੁਲਕ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਿਹਾ ਹੈ ਤਾਂ ਕੇਂਦਰ ਦੇ ਨਾਲ-ਨਾਲ ਬਿਹਾਰ, ਮਹਾਰਾਸ਼ਟਰ, ਦਿੱਲੀ, ਹਰਿਆਣਾ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ਤੇ ਗੁਰਧਾਮਾਂ ’ਤੇ ਅਸਿੱਧੇ ਢੰਗ ਨਾਲ ਹਮਲੇ ਹੋ ਰਹੇ ਹਨ। ਜੇ ਸਰਕਾਰਾਂ ਦਖ਼ਲਅੰਦਾਜ਼ੀ ਬੰਦ ਕਰਦੀਆਂ ਹਨ ਤਾਂ ਇਹ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕੇਂਦਰ ਨੂੰ ਅਜਿਹੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਇਹ ਪੰਜਾਬ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਇਕੱਲੇ ਲੜਾਂਗੇ: ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਪਾਰਟੀ ਇਕੱਲਿਆਂ ਹੀ ਲੜੇਗੀ। ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਿਲ੍ਹਾ ਪੱਧਰ ’ਤੇ ਟੀਮਾਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵੱਲੋਂ ਪੰਚਾਇਤੀ ਚੋਣਾਂ ਵਾਂਗ ਇਨ੍ਹਾਂ ਚੋਣਾਂ ਵਿੱਚ ਵੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰ ਪਾਰਟੀ ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕਰੇਗੀ। ਪਾਰਟੀ ਨੇ ਵਕੀਲਾਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜਿਨ੍ਹਾਂ ਵੱਲੋਂ ‘ਆਪ’ ਦੀ ਧੱਕੇਸ਼ਾਹੀ ਵਿਰੁੱਧ ਕਾਨੂੰਨੀ ਲੜਾਈ ਲੜੀ ਜਾਵੇਗੀ।

