ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਮਈ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜੁਡੀਸ਼ਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਹਾਦਸੇ ਕਲੇਮ ਕੇਸ, ਭਾਰਤ ਸੰਚਾਰ ਨਿਗਮ ਅਤੇ ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਲਗਾਈ ਗਈ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ 20, ਨਕੋਦਰ ਵਿੱਚ 2 ਅਤੇ ਫਿਲੌਰ ਵਿੱਚ 2 ਤੇ ਕੁੱਲ 24 ਬੈਂਚ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ ਕੁੱਲ 10,957 ਕੇਸ ਸੁਣਵਾਈ ਲਈ ਰੱਖੇ ਗਏ ਸਨ। ਇਨ੍ਹਾਂ ਵਿੱਚੋਂ 3648 ਕੇਸਾਂ ਦਾ ਨਿਪਟਾਰਾ ਮੌਕੇ ’ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਕੁੱਲ 25 ਕਰੋੜ 15 ਲੱਖ 68 ਹਜ਼ਾਰ 302 ਰੁਪਏ ਦੇ ਝਗੜੇ ਮੁਕਾਏ ਗਏ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਇਥੇ ਨੈਸ਼ਨਲ ਲੋਕ ਅਦਾਲਤ ਦੌਰਾਨ 5064 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਗਿਆ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਲਾਈ ਗਈ ਸੀ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਇੱਥੇ ਕੌਮੀ ਲੋਕ ਅਦਾਲਤ ਲਗਾਈ ਗਈ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਹੁਸ਼ਿਆਰਪੁਰ ’ਚ 11, ਦਸੂਹਾ ’ਚ 5, ਮੁਕੇਰੀਆਂ ਅਤੇ ਗੜ੍ਹਸ਼ੰਕਰ ’ਚ 3-3 ਬੈਂਚ ਸਥਾਪਿਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ 3552 ਕੇਸਾਂ ਦੀ ਸੁਣਵਾਈ ਹੋਈ ਜਿਨ੍ਹਾਂ ਵਿਚੋਂ 1772 ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ।
ਤਰਨ ਤਾਰਨ ਵਿੱਚ ਕੌਮੀ ਲੋਕ ਅਦਾਲਤ ਲੱਗੀ
ਤਰਨ ਤਾਰਨ (ਪੱਤਰ ਪ੍ਰੇਰਕ): ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ’ਤੇ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਗਵਾਈ ਵਿੱਚ ਲਗਾਈ ਲੋਕ ਅਦਾਲਤ ’ਚ ਸੁਣਵਾਈ ਲਈ ਆਏ ਕੁੱਲ 2565 ਮਾਮਲਿਆਂ ਵਿੱਚੋਂ 439 ਮਾਮਲਿਆਂ ਦਾ ਨਬਿੇੜਾ ਕੀਤਾ ਗਿਆ| ਇਨ੍ਹਾਂ ਮਾਮਲਿਆਂ ਦਾ ਨਬਿੇੜਾ ਕਰਦਿਆਂ 13.48 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ|