ਪੱਤਰ ਪ੍ਰੇਰਕ
ਕਾਹਨੂੰਵਾਨ, 4 ਜੁਲਾਈ
ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਝਟਕਾ ਲੱਗਿਆ ਜਦੋਂ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਫੇਰੋਚੇਚੀ ਦੇ ਮੌਜੂਦਾ ਕਾਂਗਰਸੀ ਸਰਪੰਚ ਸਣੇ 15 ਪਰਿਵਾਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਰੱਖੇ ਇਕ ਪ੍ਰੋਗਰਾਮ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਸੱਚੀ ਸੁੱਚੀ ਪਾਰਟੀ ਹੈ। ਇਸ ਵਿੱਚ ਇਮਾਨਦਾਰ ਅਤੇ ਬੇਦਾਗ ਚਿਹਰੇ ਹੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਕੰਮ ਕਰਵਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ‘ਆਪ’ ਆਗੂ ਠਾਕਰ ਤਰਸੇਮ ਸਿੰਘ, ਚੇਅਰਮੈਨ ਚੈਂਚਲ ਸਿੰਘ ਬਾਗੜੀਆਂ, ਕੈਪਟਨ ਹਰਜਿੰਦਰ ਸਿੰਘ ਅਤੇ ਸੋਨਾ ਬਾਜਵਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਇਹ ਚਰਚਾ ਵੀ ਚੱਲੀ ਕਿ ਕੁਝ ਹੋਰ ਪਿੰਡਾਂ ਦੇ ਸਰਪੰਚ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।