ਤਰਨ ਤਾਰਨ (ਪੱਤਰ ਪ੍ਰੇਰਕ): ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਕੋਵਿਡ-19 ਮਾਹਾਮਾਰੀ ਦੇ ਨਾਲ ਨਜਿੱਠਣ ਲਈ ਰੱਖੇ 25 ਵਾਲੰਟੀਅਰਾਂ ਦੀਆਂ ਸੇਵਾਵਾਂ ਖਤਮ ਹੋਣ ਕਾਰਨ ਊਨ੍ਹਾਂ ਰੋਸ ਦਾ ਪ੍ਰਗਟਾਵਾ ਕੀਤਾ ਹੈ| ਇਨ੍ਹਾਂ ਵਲੰਟੀਅਰਾਂ ਨੂੰ 30 ਮਈ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ| ਇਨ੍ਹਾਂ ਫਾਰਗ ਕੀਤੇ ਵਲੰਟੀਅਰਾਂ ਨੇ ਅੱਜ ਇਥੇ ਦੱਸਿਆ ਕਿ ਉਨ੍ਹਾਂ ਨੂੰ ਇਥੋਂ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੋਵਿਡ-19 ਦੇ ਪਾਜ਼ੇਟਿਵ ਮਰੀਜ਼ਾਂ ਦੀ ਦੇਖ ਭਾਲ ਕਰਨ ਲਈ ਰੱਖਿਆ ਗਿਆ ਸੀ| ਉਹ 12 ਮਈ ਤੋਂ ਆਪਣੀ ਸੇਵਾ ਨਿਭਾ ਰਹੇ ਸੀ ਅਤੇ ਉਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਬੰਦ ਹੋਣ ’ਤੇ 30 ਮਈ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ| ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੋਨਾਵਾਇਰਸ ਖਿਲਾਫ਼ ਮੋਹਰੇ ਹੋ ਕੇ ਲੜਾਈ ਲੜੀ ਹੈ ਜਿਸ ਕਰਕੇ ਅੱਜ ਉਨ੍ਹਾਂ ਨੂੰ ਕੋਈ ਹੋਰ ਅਦਾਰਾ ਕੰਮ ਦੇਣ ਲਈ ਤਿਆਰ ਨਹੀਂ ਹੈ| ਇਸ ’ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਇਨ੍ਹਾਂ ਨੂੰ 28 ਦਿਨਾਂ ਲਈ ਡੇਲੀ-ਵੇਜਿਜ਼ (ਦਿਹਾੜੀ) ਅਧਾਰ ਤੇ ਰੱਖਿਆ ਗਿਆ ਸੀ ਅਤੇ ਹੁਣ ਤਰਨ ਤਾਰਨ ਦੇ ਕੋਵਿਡ ਕੇਅਰ ਸੈਂਟਰ ਨੂੰ ਬੰਦ ਕਰਕੇ ਅੰਮ੍ਰਿਤਸਰ ਦੇ ਸੈਂਟਰ ਵਿੱਚ ਮਰਜ ਕਰਨ ’ਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਨਾ ਰਹਿਣ ਕਰਕੇ 24 ਘੰਟੇ ਦਾ ਨੋਟਿਸ ਦੇ ਕੇ ਫਾਰਗ ਕੀਤਾ ਗਿਆ ਹੈ|