ਹਰਪ੍ਰੀਤ ਕੌਰ
ਹੁਸ਼ਿਆਰਪੁਰ, 27 ਨਵੰਬਰ
ਆਮ ਆਦਮੀ ਪਾਰਟੀ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਅਗਵਾਈ ਹੇਠ ਮੋਦੀ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਪਾਰਟੀ ਵਰਕਰਾਂ ਨੇ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਨਾਅਰੇ ਲਗਾਏ।
ਇਸ ਮੌਕੇ ਬੋਲਦਿਆਂ ਸੰਦੀਪ ਸੈਣੀ ਨੇ ਕਿਹਾ ਕਿ ਮੋਦੀ ਸਰਕਾਰ ਆਮ ਜਨਤਾ ਦੇ ਹਿੱਤਾਂ ਨੂੰ ਅਣਗੌਲਿਆਂ ਕਰ ਕੇ ਪੂੰਜੀਪਤੀਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਜੋ ਕਿਸੇ ਵੀ ਹਾਲਤ ’ਚ ਕਿਸੇ ਨੂੰ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰ ਕੇ ਅੱਜ ਹਰ ਵਰਗ ਦੁਖੀ ਹੈ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਤਾਂ ਜੋ ਮੋਦੀ ਸਰਕਾਰ ਦੁਆਰਾ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਸ੍ਰੀ ਸੈਣੀ ਨੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਸੰਘਰਸ਼ ’ਚ ਉਨ੍ਹਾਂ ਦੇ ਨਾਲ ਹੈ ਅਤੇ ਇਹ ਪਾਰਟੀ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।