ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਜਨਵਰੀ
ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਹਕੋਟ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਿਆਂ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਸਬੰਧਤ ਰਿਟਰਨਿੰਗ ਅਫਸਰਾਂ ਪਾਸ ਆਪਣੇ ਕਾਗਜ਼ ਦਾਖਲ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਚਿੱਤਰ ਸਿੰਘ ਨੇ ਕਾਗਜ਼ ਦਾਖਲ ਕੀਤੇ ਹਨ ਜਦੋਂਕਿ ਹਰਦੇਵ ਸਿੰਘ ਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਮਨਜਿੰਦਰ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ। ਇਸੇ ਤਰ੍ਹਾਂ ਜਲੰਧਰ ਉੱਤਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕ੍ਰਿਸ਼ਨ ਦੇਵ ਭੰਡਾਰੀ ਅਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਨੀਨਾ ਭੰਡਾਰੀ ਨੇ ਕਾਗਜ਼ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਬਲਜਿੰਦਰ ਸੋਢੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ।
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਅੱਜ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਸ੍ਰੀ ਅਰੋੜਾ ਦੀ ਬੇਟੀ ਡਾ. ਸ਼ਿਵਾਨੀ ਅਰੋੜਾ ਨੇ ਬਤੌਰ ਕਵਰਿੰਗ ਉਮੀਦਵਾਰ ਨਾਮਜ਼ਦਗੀ ਪੱਤਰ ਭਰੇ। ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਹੀ ਆਮ ਆਦਮੀ ਪਾਰਟੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਵਿਭਾ ਸ਼ਰਮਾ ਨੇ ਕਾਗਜ਼ ਦਾਖਲ ਕਰਵਾਏ ਹਨ। ਵਿਧਾਨ ਸਭਾ ਹਲਕਾ ਉੜਮੁੜ ਤੋਂ ਬਹੁਜਨ ਸਮਾਜ ਪਾਰਟੀ ਦੇ ਲਖਵਿੰਦਰ ਸਿੰਘ ਲੱਖੀ ਨੇ ਪੱਤਰ ਭਰੇ। ਹਲਕਾ ਮੁਕੇਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਬਜੋਤ ਸਿੰਘ ਸਾਬੀ ਅਤੇ ਹਲਕਾ ਦਸੂਹਾ ਤੋਂ ਬਹੁਜਨ ਸਮਾਜ ਪਾਰਟੀ ਦੇ ਸੁਸ਼ੀਲ ਕੁਮਾਤ ਨੇ ਮੀਨਾ ਕੁਮਾਰੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ ਪਰ 30 ਜਨਵਰੀ ਨੂੰ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ।
ਬਲਾਚੌਰ( ਨਿੱਜੀ ਪੱਤਰ ਪ੍ਰੇਰਕ): ਬਲਾਚੌਰ ਵਿਧਾਨ ਸਭਾ ਹਲਕੇ ਤੋਂ ਇੱਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਬਲਾਚੌਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਸ਼ੋਕ ਬਾਠ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਗੁਰਦਾਸਪੁਰ(ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਅੱਜ ਚਾਰ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵੱਜੋੰ ਸੰਨੀ ਨੇ ਨਾਮਜ਼ਦਗੀ ਪੱਤਰ ਭਰੇ ਹਨ। ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਸ਼ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਅਤੇ ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।
ਹਰਮੀਤ ਸੰਧੂ ਸਣੇ ਤਿੰਨ ਉਮੀਦਵਾਰਾਂ ਨੇ ਕਾਗਜ਼ ਭਰੇ
ਤਰਨ ਤਾਰਨ(ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਦੂਸਰੇ ਦਿਨ ਹਲਕਾ 21-ਤਰਨ ਤਾਰਨ ਤੋਂ ਤਿੰਨ ਉਮੀਦਵਾਰਾਂ ਵਲੋਂ ਆਪਣੇ ਪਰਚੇ ਦਾਖਲ ਕੀਤੇ ਗਏ| ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪਰਚੇ ਦਾਖਲ ਕਰਨ ਵਾਲਿਆਂ ਵਿੱਚ ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਦੇ ਉਮੀਦਵਾਰ ਹਰਜਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੀ ਉਮੀਦਵਾਰ ਕੰਵਲਜੀਤ ਕੌਰ ਸੰਧੂ ਦਾ ਨਾਮ ਸ਼ਾਮਲ ਹੈ| ਬੀਬੀ ਕੰਵਲਜੀਤ ਕੌਰ ਸੰਧੂ ਹਰਮੀਤ ਸਿੰਘ ਦੀ ਪਤਨੀ ਹੈ ਜਿਸ ਨੂੰ ਉਨ੍ਹਾਂ ਆਪਣਾ ਕਵਰਿੰਗ ਉਮੀਦਵਾਰ ਬਣਾਇਆ ਹੈ| ਹਲਕਾ ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਤੋਂ ਅੱਜ ਤੱਕ ਕਿਸੇ ਇਕ ਵੀ ਉਮੀਦਵਾਰ ਨੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ। ਨਾਮਜ਼ਦਗੀ ਪਰਚੇ ਦਾਖਲ ਕਰਨ ਮੌਕੇ ਹਰਮੀਤ ਸਿੰਘ ਸੰਧੂ ਨਾਲ ਉਨ੍ਹਾਂ ਦੀ ਪਤਨੀ ਬੀਬੀ ਕੰਵਲਜੀਤ ਕੌਰ ਸੰਧੂ, ਪਾਰਟੀ ਦੇ ਸੀਨੀਅਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਕਾਂਗਰਸ ਪਾਰਟੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਗੁਰਮਿੰਦਰ ਸਿੰਘ ਰਟੌਲ ਸ਼ਾਮਲ ਸਨ|’
ਛੋਟੇਪੁਰ ਅਤੇ ਪਵਾਰ ਨੇ ਨਾਮਜ਼ਦਗੀ ਪੱਤਰ ਭਰੇ
ਬਟਾਲਾ (ਦਲਬੀਰ ਸੱਖੋਵਾਲੀਆ): ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਗੁਰਬਚਨ ਸਿੰਘ ਪਵਾਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐੱਸਡੀਐੱਮ ਕਮ ਚੋਣ ਅਧਿਕਾਰੀ ਰਾਮ ਸਿੰਘ ਕੋਲ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਛੋਟੇਪੁਰ ਨੇ ਗੁਰਦੁਆਰਾ ਫਲਾਹੀ ਸਾਹਿਬ (ਵਡਾਲਾ ਗ੍ਰੰਥੀਆਂ) ਵਿਖੇ ਨਤਮਸਤਕ ਹੋਏ। ਇਸ ਮੌਕੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਬਾਰ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਬਿਕਰਮਜੀਤ ਸਿੰਘ, ਰਜਿੰਦਰ ਸਿੰਘ ਬੱਦੋਵਾਲ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਐੱਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ, ਕੌਂਸਲਰ ਵਿਜੇ ਥਾਪਰ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ।
ਬੋਨੀ ਅਜਨਾਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ
ਅਜਨਾਲਾ(ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ ਕਮ ਚੋਣ ਰਿਟਰਨਿੰਗ ਅਫਸਰ ਹਰਕੰਵਲਜੀਤ ਸਿੰਘ ਦੀ ਅਦਾਲਤ ਵਿੱਚ ਦਾਖਲ ਕਰਵਾਏ। ਕਾਗਜ਼ ਦਾਖਲ ਕਰਵਾਉਣ ਉਪਰੰਤ ਬੋਨੀ ਅਜਨਾਲਾ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰੇਕ ਵਰਗ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਉਨਾਂ ਅਜਨਾਲਾ ਸ਼ਹਿਰ ‘ਚ ਸਥਿਤ ਸਾਰੇ ਧਾਰਮਿਕ ਅਸਥਾਨਾਂ ਤੇ ਮੱਥਾ ਵੀ ਟੇਕਿਆ।
ਕਾਂਗਰਸ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਕਾਗਜ਼ ਭਰੇ
ਸ਼ਾਹਕੋਟ(ਪੱਤਰ ਪ੍ਰੇਰਕ): ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਤੀਜੇ ਦਿਨ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਉਨ੍ਹਾਂ ਦੇ ਕਵਰਿੰਗ ਵਜੋਂ ਉਨ੍ਹਾਂ ਦੀ ਪਤਨੀ ਮਨਜਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਚਿੱਤਰ ਸਿੰਘ ਕੋਹਾੜ ਵੱਲੋਂ ਰਿਟਰਨਿੰਗ ਅਫਸਰ ਲਾਲ ਵਿਸ਼ਵਾਸ ਬੈਂਸ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸਵਪਨਦੀਪ ਕੌਰ, ਨਾਇਬ ਤਹਿਸੀਲਦਾਰ ਮਹਿਤਪੁਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।