ਪੱਤਰ ਪ੍ਰੇਰਕ
ਧਾਰੀਵਾਲ, 24 ਸਤੰਬਰ
ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਕਿਸਾਨੀ ਮੁਸ਼ਕਿਲਾਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਨ੍ਹਾਂ ਦੀ ਰਿਹਾਇਸ ਵਿਖੇ ਮਿਲਿਆ। ਵਫ਼ਦ ਨੇ ਮੰਤਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ।
ਵਫਦ ਵਿੱਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸਹਾਲਪੁਰ, ਸੂਬਾ ਕਾਨੂੰਨੀ ਸਲਾਹਕਾਰ ਐਡਵੋਕੇਟ ਪ੍ਰਭਜੋਤ ਸਿੰਘ ਕਾਹਲੋਂ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਖਾਸਾਵਾਲਾ, ਸੂਬਾ ਸਕੱਤਰ ਕਾਨੂੰਨਗੋ ਪਰਸੋਤਮ ਲਾਲ, ਜ਼ਿਲ੍ਹਾ ਗੁਰਦਾਸਪੁਰ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਵਡਾਲਾ ਬਾਂਗਰ, ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰਭਦੀਪ ਸਿੰਘ ਜੈਂਤੀਪੁਰ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਜੋੜੀਆਂ ਕਲਾਂ, ਸ਼ਹੀਦ ਕਿਸਾਨ ਪਰਿਵਾਰ ਆਗੂ ਬਾਪੂ ਅਜੀਤ ਸਿੰਘ ਦੇਹੜ੍ਹ ਸ਼ਾਮਲ ਸਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਸ੍ਰੀ ਧਾਲੀਵਾਲ ਨਾਲ ਚਰਚਾ ਹੋਈ ਕਿ ਤਿੰਨ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 1000 ਦੇ ਕਰੀਬ ਕਿਸਾਨਾਂ ਵਿੱਚੋਂ 326 ਦੇ ਕਰੀਬ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਜਦਕਿ ਬਾਕੀ ਨੌਕਰੀਆਂ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਅਤੇ ਤਿਲੰਗਾਨਾ ਸਰਕਾਰ ਵਾਲੀ ਤਿੰਨ ਲੱਖ ਰੁਪਏ ਦੀ ਰਾਸ਼ੀ ਨਹੀਂ ਮਿਲੀ ਹੈ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਚਿੱਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਵਾਪਸ ਲੈਣ, ਸਾਈਲੋ ਨੂੰ ਸਰਕਾਰੀ ਮੰਡੀਆਂ ਐਲਾਨਣ ਵਾਲਾ ਨੋਟੀਫਿਕੇਸਨ ਰੱਦ ਕਰਨ ਅਤੇ ਸਰਕਾਰੀ ਮੰਡੀਆਂ ਬਹਾਲ ਰੱਖਣ ਅਤੇ ਹੜ੍ਹ ਪੀੜਤਾਂ ਨੂੰ ਅਸਲ ਨੁਕਸਾਨ ਦਾ ਸੌ ਫੀਸਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਕੈਬਨਿਟ ਮੰਤਰੀ ਧਾਲੀਵਾਲ ਨੇ ਵਫਦ ਨੂੰ ਸਾਰੀਆਂ ਮੰਗਾਂ ਬਾਰੇ ਹਾਂ ਪੱਖੀ ਭਰੋਸਾ ਦਿੱਤਾ ਹੈ।