ਪੱਤਰ ਪ੍ਰੇਰਕ
ਪਠਾਨਕੋਟ, 17 ਮਈ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਕੀਲਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦਾ ਇੱਕ ਵਫ਼ਦ ਪ੍ਰਧਾਨ ਠਾਕੁਰ ਰਵਿੰਦਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਠਾਕੁਰ ਰਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜੋ ਐਡਵੋਕੇਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਦੇ ਹਨ, ਉਨ੍ਹਾਂ ਲਈ ਚੈਂਬਰ ਬਹੁਤ ਘੱਟ ਹਨ, ਜਿਸ ਦੇ ਚੱਲਦੇ ਉਨ੍ਹਾਂ ਨੂੰ ਕੰਮ ਕਰਨ ਵਿੱਚ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹੋਰ ਨਵੇਂ ਚੈਂਬਰ ਬਣਾਏ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਕੀਲਾਂ ਦੇ ਬੈਠਣ ਲਈ ਇੱਕ ਵੱਡਾ ਹਾਲ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੰਪਲੈਕਸ ਵਿੱਚ ਪਾਰਕਿੰਗ ਠੇਕੇ ’ਤੇ ਚਲੇ ਜਾਣ ਬਾਅਦ ਠੇਕੇਦਾਰ ਵੱਲੋਂ ਵਕੀਲਾਂ ਅਤੇ ਉਨ੍ਹਾਂ ਦੇ ਮੁਨਸ਼ੀਆਂ ਦੀ ਵਾਰ-ਵਾਰ ਪਰਚੀ ਕੱਟੀ ਜਾ ਰਹੀ ਹੈ ਜੋ ਕਿ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹੈ। ਇਸ ਮੌਕੇ ਐਡਵੋਕੇਟ, ਅਕਸ਼ਿਤ ਮੋਦਗਿਲ, ਐਡਵੋਕੇਟ ਲਲਿਤ ਡੋਗਰਾ, ਪ੍ਰੇਮ ਗੋਪਾਲ, ਰਾਜਿੰਦਰ ਸ਼ਰਮਾ ਤੇ ਗੌਰਵ ਸਿੰਘ ਠਾਕੁਰ ਆਦਿ ਹਾਜ਼ਰ ਸਨ।