ਪੱਤਰ ਪ੍ਰੇਰਕ
ਅਟਾਰੀ, 8 ਜੂਨ
ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 171 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਦੋ ਸੰਸਥਾਵਾਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਸੁਸਾਇਟੀ ਫਿਰੋਜ਼ਪੁਰ ਅਤੇ ਸੁਖਮਨੀ ਸਾਹਿਬ ਸੁਸਾਇਟੀ ਡੱਬਵਾਲੀ ਦੇ ਸ਼ਰਧਾਲੂ ਸ਼ਾਮਲ ਹਨ।
ਇਸ ਸਬੰਧੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਜਥੇ ਦੇ ਪਾਰਟੀ ਲੀਡਰ ਜੰਗ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਲਾਹੌਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨਾਂ ਲਈ ਪੁੱਜੇਗਾ। ਇਸ ਉਪਰੰਤ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਮੂਲ ਨਾਨਕ ਸ਼ਾਹੀ ਕੈਲੰਡਰ ਅਨੁਸਾਰ 16 ਜੂਨ ਵਾਲੇ ਦਨਿ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ 17 ਜੂਨ ਨੂੰ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇਗਾ।