‘ਆਪ’ ਤੇ ਕਾਂਗਰਸ ਨੇ ਪੰਜਾਬ ਦਾ ਨੁਕਸਾਨ ਕੀਤਾ: ਸੁਖਬੀਰ
ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪਹੁੰਚ ਕੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ’ਚ ਉੱਤਰੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪੱਟੀ ਫੇਰੀ ਮੌਕੇ ਵਿਰਸਾ ਸਿੰਘ ਵਲਟੋਹਾ ਮੌਜੂਦ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਪੱਟੀ ਹਲਕੇ ਤੋਂ ਚੋਣ ਲੜਨ ਦੇ ਸੰਕੇਤ ਦਿੰਦਿਆਂ ਕਿਹਾ ਕਿ ਉਹ ਭਵਿੱਖ ਅੰਦਰ ਪੱਟੀ ਹਲਕੇ ਤੋਂ ਸਰਪੰਚ ਅਤੇ ਵਿਧਾਇਕ ਹੋਣਗੇ। ਉਨ੍ਹਾਂ ਕਿਹਾ ਕਿ ਉਹ ਵਰਕਰਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਗੇ ਅਤੇ ਕਿਸੇ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਾਂਗਰਸ ਤੇ ‘ਆਪ’ ਸਰਕਾਰ ਨੇ ਪੰਜਾਬ ਦਾ ਆਰਥਿਕ ਅਤੇ ਵਿਕਾਸ ਪੱਖੋਂ ਨੁਕਸਾਨ ਕੀਤਾ ਹੈ ਤੇ ਅਕਾਲੀ ਦਲ ਹੀ ਪੰਜਾਬ ਦਾ ਵਿਕਾਸ ਕਰਨ ਦੇ ਸਮਰੱਥ ਹੈ।
ਪੱਟੀ ਹਲਕੇ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਬਾਰੇ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੋਈ ਪ੍ਰਤੀਕਰਮ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਬਾਦਲ ਅਤੇ ਕੈਰੋਂ ਪਰਿਵਾਰ ਦੀ ਰਿਸ਼ਤੇਦਾਰੀ ਹੋਣ ਕਰਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ 1997 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਪ੍ਰਕਾਸ਼ ਸਿੰਘ ਬਾਦਲ ਦੀ ਵਜ਼ਾਰਤ ਅੰਦਰ ਅਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਵੀ ਰਹੇ ਹਨ। ਮੌਜੂਦਾ ਸਮੇਂ ਦੌਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋਂ ਗਿਆਨੀ ਹਰਪ੍ਰੀਤ ਸਿੰਘ ਵਾਲੇ ਅਕਾਲੀ ਦਲ ਦਾ ਹਿੱਸਾ ਹਨ। ਕੈਰੋਂ ਦੇ ਸਮਰਥਕਾਂ ਵੱਲੋਂ ਮੁਕੰਮਲ ਦੂਰੀ ਬਣਾਉਣ ਕਰਕੇ ਸ੍ਰੀ ਬਾਦਲ ਅਕਾਲੀ ਦਲ ਦੇ ਵਰਕਰਾਂ ਨੂੰ ਆਪਣੇ ਵੱਲ ਖਿੱਚਣ ’ਚ ਕਾਮਯਾਬ ਨਹੀਂ ਹੋ ਸਕੇ।

