‘ਆਪ’ ਨੇ ਅੰਮ੍ਰਿਤਸਰ ਵਾਸੀਆਂ ਨੂੰ 350 ਕਰੋੜ ਦਾ ਤੋਹਫ਼ਾ ਦਿੱਤਾ: ਮਾਨ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।
ਇਸ ਸਬੰਧ ਵਿੱਚ ਕੀਤੇ ਸਮਾਗਮ ’ਚ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰਾਜੈਕਟ ਸਮਰਪਿਤ ਕੀਤੇ ਹਨ। ਨਵੀਆਂ ਸੜਕਾਂ ਦੇ ਨਿਰਮਾਣ ’ਤੇ 56.36 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਦੋਂਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ’ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ’ਤੇ 3.20 ਕਰੋੜ ਰੁਪਏ ਖ਼ਰਚੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੀ ਮਦਦ ਨਾਲ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਹੈ ਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਅਪਗ੍ਰੇਡ ਕੀਤੀਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ, ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀਸੀ ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ ਅਤੇ ਹਰ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਗੁਰਮੀਤ ਸਿੰਘ ਖੁੱਡੀਆਂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਇੰਦਰਬੀਰ ਸਿੰਘ ਨਿੱਝਰ, ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਟੌਂਗ, ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਸੈਕਟਰੀ ਮੰਡੀ ਬੋਰਡ ਰਾਮਵੀਰ ਸਿੰਘ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।