‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ: ਸੱਚਰ
ਕਾਂਗਰਸੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਜੁਟਣ ਦਾ ਸੱਦਾ ਦਿੱਤਾ
ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਹਲਕੇ ਦੀਆਂ ਵੱਖ-ਵੱਖ ਮੰਡਲ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਪਰ ਨਾਕਾਮ ਸਾਬਿਤ ਹੋਈ ਹੈ ਅਤੇ ਹਰ ਵਰਗ ਨੂੰ ਇਸ ਤੋਂ ਡਾਂਗਾਂ ਤੋਂ ਸਿਵਾਏ ਕੁਝ ਨਹੀਂ ਮਿਲਿਆ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੰਡਲ ਕਮੇਟੀਆਂ ਪਾਰਟੀ ਸੰਗਠਨ ਦੀ ਮਜ਼ਬੂਤ ਨੀਂਹ ਹਨ ਅਤੇ ਇਨ੍ਹਾਂ ਦੀ ਸਰਗਰਮੀ ਨਾਲ ਹੀ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਇਆ ਕਿ ਸੂਬੇ ਵਿੱਚ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਵਿਕਾਸ ਕਾਰਜਾਂ ਵਿੱਚ ਆਈ ਖੜੋਤ ਕਾਰਨ ਲੋਕ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਨਾਕਾਮੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਹਲਕਾ ਮਜੀਠਾ ਸਮੇਤ ਪੰਜਾਬ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਸਰਪੰਚ ਜਤਿੰਦਰ ਪਾਲ ਸਿੰਘ, ਨਵਤੇਜ ਪਾਲ ਸਿੰਘ ਬਲਾਕ ਪ੍ਰਧਾਨ, ਸਾਬਕਾ ਸਰਪੰਚ ਜਰਮਨਜੀਤ ਸਿੰਘ ਤਲਵੰਡੀ, ਸੁਰਜੀਤ ਸਿੰਘ ਝੰਡੇ, ਸਨਦੀਪ ਸਿੰਘ, ਗੁਰਵਿੰਦਰ ਸਿੰਘ ਵਰਿਆਮ ਨੰਗਲ, ਸੰਤੋਖ ਸਿੰਘ ਭੋਆ, ਸਾਬੀ ਪਿੰਡ ਮਾਨ, ਦਿਲਬਾਗ ਸਿੰਘ, ਸੇਵਾ ਸਿੰਘ, ਸੁਲੱਖਣ ਸਿੰਘ, ਮੋਹਨ ਸਿੰਘ, ਡਾ. ਸੁਖਵਿੰਦਰ ਸਿੰਘ ਰੰਧਾਵਾ, ਹਰਭਜਨ ਸਿੰਘ, ਰਾਜਾ ਕੱਥੂਨੰਗਲ, ਜੀਤ ਸਿੰਘ, ਤਰਲੋਚਨ ਸਿੰਘ ਤੋਚੀ, ਬਿੱਲਾ ਚਵਿੰਡਾ ਦੇਵੀ, ਕਰਮ ਸਿੰਘ, ਭੁਪਿੰਦਰ ਸਿੰਘ ਸੱਚਰ, ਬਿੱਕਾ ਕੱਥੂਨੰਗਲ, ਵਿੱਕੀਮਸੀਹ ਅਤੇ ਹੋਰ ਆਗੂ ਹਾਜ਼ਰ ਸਨ।

