ਪੱਤਰ ਪ੍ਰੇਰਕ
ਚੇਤਨਪੁਰਾ, 24 ਜੂਨ
‘ਆਪ’ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ ‘ਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮੋਹਨ ਭੰਡਾਰੀਆਂ ਵਿੱਚ 37. 85 ਲੱਖ ਦੀ ਲਾਗਤ ਨਾਲ ਥਾਪਰ ਮਾਡਲ ਤਹਿਤ ਬਣਨ ਵਾਲੇ ਛੱਪੜ ਦੇ ਨਵੀਂਨੀਕਰਨ ਤੇ ਹੋਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੌਰਾਨ ਕੀਤਾ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਬੀਡੀਪੀਓ ਅਜਨਾਲਾ ਸ਼ਮਸ਼ੇਰ ਸਿੰਘ ਬੱਲ, ‘ਆਪ’ ਦੇ ਸੀਨੀਅਰ ਆਗੂ ਗੁਰਮੁਖ ਸਿੰਘ ਮੋਹਣ ਭੰਡਾਰੀਆਂ, ਬਲਾਕ ਪ੍ਰਧਾਨ ਬਲਦੇਵ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ, ਥੰਮਣ ਸਿੰਘ ਬਾਠ ਤੇ ਗੁਰਪ੍ਰੀਤ ਸਿੰਘ ਬਾਠ ਆਦਿ ਹਾਜ਼ਰ ਸਨ।