ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 10 ਸਤੰਬਰ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਕੇ ਕੇਂਦਰ ਵਿੱਚ ‘ਆਪ’ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਸੁਫਨਾ ਪੂਰਾ ਕਰੇਗੀ। ਉਹ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਪੰਜਾਬ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਵਿੱਚ ਸ਼ਾਮਲ ਜ਼ਿਲ੍ਹਾ ਗੁਰਦਾਸਪੁਰ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਅੱਜ ਸ਼ਾਮ ਨੂੰ ਹੋਏ ਤਾਜ਼ਪੋਸੀ ਸਮਾਗਮ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀਆਂ ਨੇ ਆਖਿਆ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਦੇ ਵੇਲੇ ਤੋਂ ਚੱਲਦੇ ਆ ਰਹੇ ਮਾਫ਼ੀਆ ਰਾਜ ਨੂੰ ‘ਆਪ’ ਦੀ ਪੰਜਾਬ ਸਰਕਾਰ ਵੱਲੋਂ ਖਤਮ ਕੀਤਾ ਜਾ ਰਿਹਾ ਹੈ। ਪੰਜਾਬ ਵਾਸੀਆਂ ਨੇ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸਥਾਪਤ ਕਰਕੇ ਜੋ ਨਵਾਂ ਇਤਿਹਾਸ ਸਿਰਜਿਆ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਪੰਜਾਬ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।
ਕੈਬਨਿਟ ਮੰਤਰੀਆਂ ਨੇ ਜਗਰੂਪ ਸਿੰਘ ਸੇਖਵਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਦਿਆਂ ਸੇਖਵਾਂ ਪਰਿਵਾਰ ਨੂੰ ਵਧਾਈ ਦਿੱਤੀ। ਸਮਾਗਮ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ, ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਵਿਧਾਇਕ ਅਮਰਪਾਲ ਸਿੰਘ, ਲੋਕ ਸਭਾ ਗੁਰਦਾਸਪੁਰ ਦੇ ਇੰਚਾਰਜ ਰਾਜੀਵ ਸ਼ਰਮਾ, ਸ਼ਮਸ਼ੇਰ ਸਿੰਘ ਇੰਚਾਰਜ ਦੀਨਾਨਗਰ ਅਤੇ ਗੁਰਦੀਪ ਸਿੰਘ ਡੇਰਾ ਬਾਬਾ ਨਾਨਕ ਆਦਿ ਨੇ ਵੀ ਸੰਬੋਧਨ ਕੀਤਾ। ਅਖੀਰ ’ਚ ‘ਆਪ’ ਜ਼ਿਲ੍ਹਾ ਗੁਰਦਾਸਪੁਰ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੰਤਰੀ ਸਾਹਿਬਾਨਾਂ ਸਣੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ।