Amritsar news: ਪੰਜ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ
ਏ ਡੀ ਏ ਜ਼ਿਲ੍ਹਾ ਨਗਰ ਯੋਜਨਾਕਾਰ ਵਿੰਗ ਨੇ ਨਾਜਾਇਜ਼ ਉਸਾਰੀਆਂ ਢਾਹੀਆਂ
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਵਿਕਾਸ ਅਥਾਰਟੀ (ਏ ਡੀ ਏ) ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਵੱਲੋਂ ਜ਼ਿਲ੍ਹੇ ਵਿੱਚ ਵਿਕਸਿਤ ਕੀਤੀਆਂ ਜਾ ਰਹੀਆਂ ਪੰਜ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਵਿੱਚ ਕੀਤੇ ਗਏ ਨਾਜਾਇਜ਼ ਵਿਕਾਸ ਕਾਰਜਾਂ ਅਤੇ ਉਸਾਰੀਆਂ ਨੂੰ ਢਾਹ ਦਿੱਤਾ ਗਿਆ।
ਇਹ ਕਾਰਵਾਈ ਏ ਡੀ ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ। ਰੈਗੂਲੇਟਰੀ ਵਿੰਗ ਦੀ ਟੀਮ ਵੱਲੋਂ ਥਾਣਾ ਕੱਥੂਨੰਗਲ, ਥਾਣਾ ਕੰਬੋ ਅਤੇ ਥਾਣਾ ਸਦਰ ਦੇ ਪੁਲੀਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਪਾਖਰਪੁਰਾ ਵਿੱਚ ਇੱਕ ਅਤੇ ਪਿੰਡ ਨੰਗਲੀ ਵਿੱਚ ਚਾਰ ਰਿਹਾਇਸ਼ੀ ਤੇ ਕਮਰਸ਼ੀਅਲ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਰੈਗੂਲੇਟਰੀ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਣ ਅਤੇ ਸ਼ਹਿਰੀ ਵਿਕਾਸ ਨੂੰ ਨਿਯਮਾਂ ਅਨੁਸਾਰ ਯਕੀਨੀ ਬਣਾਉਣ ਲਈ ਪਿੰਡ ਪਾਖਰਪੁਰਾ ਅਤੇ ਨੰਗਲੀ ਵਿੱਚ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੂੰ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰ ਕੇ ਵਿਕਾਸ ਕਾਰਜ ਬੰਦ ਕਰਵਾਏ ਗਏ ਸਨ। ਇਸ ਦੇ ਬਾਵਜੂਦ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਿਆਂ ਮੌਕੇ `ਤੇ ਵਿਕਾਸ ਕਾਰਜ ਜਾਰੀ ਰੱਖੇ ਗਏ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪਿੰਡ ਨੰਗਲੀ ਵਿੱਚ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਪਹਿਲਾਂ ਵੀ ਮਾਰਚ 2025 ’ਚ ਢਾਹ-ਢੁਆਈ ਦੀ ਕਾਰਵਾਈ ਕੀਤੀ ਗਈ ਸੀ ਤੇ ਇਸ ਸਬੰਧੀ ਕੇਸ ਦਰਜ਼ਜਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਗਿਆ ਸੀ। ਇਸੇ ਤਰ੍ਹਾਂ ਪਿੰਡ ਪਾਖਰਪੁਰਾ ਵਿਖੇ ਸਥਿਤ ਅਣ-ਅਧਿਕਾਰਤ ਕਲੋਨੀ ਖਿਲਾਫ਼ ਅਕਤੂਬਰ 2026 ’ਚ ਕਾਰਵਾਈ ਕੀਤੀ ਗਈ ਸੀ, ਪਰ ਕਲੋਨੀ ਮਾਲਕਾਂ ਵੱਲੋਂ ਮੁੜ ਕੰਮ ਸ਼ੁਰੂ ਕਰ ਦਿੱਤੇ ਗਏ, ਜਿਸ ਕਾਰਨ ਹੁਣ ਫਿਰ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਾਪਰਾ ਐਕਟ-1995 ਵਿੱਚ ਸਾਲ 2024 ਦੌਰਾਨ ਕੀਤੀ ਸੋਧ ਅਨੁਸਾਰ ਅਣ-ਅਧਿਕਾਰਤ ਕਲੋਨੀ ਵਿਕਸਿਤ ਕਰਨ ਵਾਲੇ ਵਿਅਕਤੀਆਂ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।
ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ) ਅੰਮ੍ਰਿਤਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣ-ਅਧਿਕਾਰਤ ਜਾਂ ਗੈਰ-ਮਨਜ਼ੂਰ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਬੰਧਤ ਕਲੋਨੀ ਦੀ ਪੁੱਡਾ ਵਿਭਾਗ ਵੱਲੋਂ ਜਾਰੀ ਮਨਜ਼ੂਰੀ ਦੀ ਜਾਂਚ ਜ਼ਰੂਰ ਕਰਨ।

