ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 24 ਜੂਨ
ਇਥੇ ਨਗਰ ਕੌਂਸਲ ਦੇ ਈਓ ਭੁਪਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਿਨਾ ਨਕਸ਼ੇ ਤੋਂ ਕੋਈ ਵੀ ਵਿਅਕਤੀ ਆਪਣੀ ਦੁਕਾਨ ਅਤੇ ਮਕਾਨ ਦੀ ਉਸਾਰੀ ਸ਼ੁਰੂ ਨਾ ਕਰੇ ਤੇ ਜੇਕਰ ਕਿਸੇ ਵਿਅਕਤੀ ਵੱਲੋਂ ਅਜਿਹਾ ਕੀਤਾ ਜਾਵੇਗਾ ਤਾਂ ਉਸ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਦੁਕਾਨ ਜਾਂ ਮਕਾਨ ਦੀ ਉਸਾਰੀ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਸਬੰਧਤ ਨਕਸ਼ਾ ਨਵੀਸ ਰਾਹੀਂ ਆਨਲਾਈਨ ਪ੍ਰਕਿਰਿਆ ਪੂਰੀ ਕੀਤੀ ਜਾਵੇ, ਜਿਸ ਤੋਂ ਬਾਅਦ ਨਗਰ ਕੌਂਸਲ ਦੀ ਨਕਸ਼ਾ ਸ਼ਾਖ਼ਾ ਅਤੇ ਮੁੱਖ ਦਫ਼ਤਰ ਚੰਡੀਗੜ੍ਹ ਵੱਲੋਂ ਅਨਾਲਾਈਨ ਕਾਰਵਾਈ ਕਰਦਿਆਂ ਨਕਸ਼ਾ ਪਾਸ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਮਿਉਂਸਿਪਲ ਨਿਯਮਾਂ ਅਨੁਸਾਰ ਨਕਸ਼ੇ ਵਿੱਚ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਵਿਭਾਗ ਨਕਸ਼ਾ ਰੱਦ ਕਰਨ ਦਾ ਅਧਿਕਾਰ ਰੱਖਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਆਪਣੀ ਬਿਲਡਿੰਗ ਬਣਾਉਣ ਤੋਂ ਪਹਿਲਾਂ ਸਬੰਧਤ ਆਰਕੀਟੈਕਟ ਜਾਂ ਨਗਰ ਕੌਂਸਲ ਦਫ਼ਤਰ ਵਿੱਚ ਸੂਚਿਤ ਕਰਨ ਅਤੇ ਜੇਕਰ ਕੋਈ ਵਿਅਕਤੀ ਬਿਨਾਂ ਨਕਸ਼ੇ ਤੋਂ ਬਿਲਡਿੰਗ ਬਣਾਉਣੀ ਸ਼ੁਰੂ ਕਰਦਾ ਹੈ ਤਾਂ ਉਸ ਦੇ ਵਿਰੁੱਧ ਪੰਜਾਬ ਮਿਉਂਸਿਪਲ ਐਕਟ 1911 ਦੀ ਧਾਰਾ 195/195-ਏ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।