ਗੁਰਬਖਸ਼ਪੁਰੀ
ਤਰਨ ਤਾਰਨ, 23 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਕੀਤੇ ਕੇਸ ਨੂੰ ਸੱਤਾਧਾਰੀ ਕਾਂਗਰਸ ਪਾਰਟੀ ਦੀ ਬੁਖਲਾਹਟ ਆਖਦਿਆਂ ਅਜਿਹਾ ਕਾਰਾ ਕਰਨ ਵਾਲੀ ਸਰਕਾਰ ਅਤੇ ਅਧਿਕਾਰੀਆਂ ਨੂੰ ਛੇਤੀ ਹੀ ਸਿੱਟੇ ਭੁਗਤਣ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ| ਪ੍ਰੈੱਸ ਕਾਨਫਰੰਸ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਸੰਬੋਧਨ ਕੀਤਾ ਜਦਕਿ ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਗੁਰੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਮਨਜੀਤ ਸਿੰਘ, ਇਕਬਾਲ ਸਿੰਘ ਸੰਧੂ, ਕੁਲਦੀਪ ਸਿੰਘ ਔਲਖ, ਦਲਬੀਰ ਸਿੰਘ ਜਹਾਂਗੀਰ ਆਦਿ ਵੀ ਹਾਜ਼ਰ ਹੋਏ| ਆਗੂਆਂ ਅਨੁਸਾਰ ਸ਼ੁੱਕਰਵਾਰ ਨੂੰ ਇੱਥੇ ਧਰਨਾ ਵੀ ਦਿੱਤਾ ਜਾਵੇਗਾ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠੇ ਡਰੱਗ ਕੇਸ ਵਿੱਚ ਪਰਚਾ ਦਰਜ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਹਿਜ਼ ਚੋਣਾਂ ਵਿੱਚ ਵੋਟਾਂ ਬਟੋਰਨ ਅਤੇ ਲੋਕਾਂ ਦੀ ਵਾਹ ਵਾਹ ਲੈਣ ਲਈ ਮਜੀਠੀਆ ਖਿਲਾਫ਼ ਪਰਚਾ ਦਰਜ ਕਰਕੇ ਰੰਧਾਵਾ ਅਤੇ ਹੋਰ ਆਗੂਆਂ ਨੇ ਲੰਬੇ ਸਮੇਂ ਤੋਂ ਆਪਣੇ ਮਨ ਵਿਚ ਪਾਲੀਆਂ ਜਾਤੀ ਕਿੜਾਂ ਕੱਢਣ ਲਈ ਘਿਨਾਉਣੀ ਕਾਰਵਾਈ ਕੀਤੀ ਹੈ।