ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ ਅੱਜ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਰੋਸ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਦੀ ਅਰਥੀ ਸਾੜੀ| ਮੁਲਾਜ਼ਮ ਜਥੇਬੰਦੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋ ਦੇਸ਼ ਦੀਆਂ ਰੱਖਿਆ ਸੈਨਾਵਾਂ ਵਿੱਚ ਨੌਜਵਾਨਾਂ ਦੀ ਭਰਤੀ ਅਗਨੀਪਥ ਸਕੀਮ ਤਹਿਤ ਕੀਤੇ ਜਾਣ ਦਾ ਵਿਰੋਧ ਕਰਦਿਆਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਸਕੀਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਦੀ ਅਗਵਾਈ ਵਿੱਚ ਕੀਤੇ ਰੋਸ ਪ੍ਰਦਰਸ਼ਨ ਨੂੰ ਜਥੇਬੰਦੀ ਦੇ ਆਗੂ ਬਲਜੀਤ ਟੌਮ, ਸਰਬਜੀਤ ਪੁਰੀ, ਪੂਰਨ ਦਾਸ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਬੇਰੁਜ਼ਗਾਰੀ ਦੇ ਸਤਾਏ ਨੌਜਵਾਨਾਂ ਨੂੰ ਸੈਨਾਵਾਂ ਵਿੱਚ ਚਾਰ ਸਾਲਾਂ ਲਈ ਉੱਕਾ-ਪੁੱਕਾ ਤਨਖਾਹ ’ਤੇ ਭਰਤੀ ਕਰ ਕੇ ਉਨ੍ਹਾਂ ਦੀ ਜਿੰਦਗੀ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਆਗੂਆਂ ਨੇ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਫੌਜ ਵਿੱਚ ਭਰਤੀ ਸਬੰਧੀ ਪਹਿਲਾਂ ਵਾਲੀ ਰੈਗੂਲਰ ਭਰਤੀ ਯੋਜਨਾ ਜਾਰੀ ਰੱਖਣ ’ਤੇ ਜ਼ੋਰ ਦਿੱਤਾ|