ਜਤਿੰਦਰ ਬੈਂਸ
ਗੁਰਦਾਸਪੁਰ, 30 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਉੱਤੇ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਨਾਕਾਰੀ ਕਿਸਾਨਾਂ ਨੇ ਪਰਾਲੀ ਸਾੜਨ ਵਿਰੋਧੀ ਆਰਡੀਨੈਂਸ ਨੂੰ ਕਿਸਾਨਾਂ ਉੱਤੇ ਇੱਕ ਹੋਰ ਮਾਰੂ ਹਮਲਾ ਦੱਸਦਿਆਂ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਤੁਲਨਾ ਮੁਗਲਾਂ ਤੇ ਅੰਗਰੇਜ਼ਾਂ ਨਾਲ ਕੀਤੀ। ਊਨ੍ਹਾਂ ਕਿਹਾ ਕਿ ਪ੍ਰਦੂਸ਼ਣ ਵਿਰੋਧੀ ਆਰਡੀਨੈਂਸ ਦੇ ਨਾਮ ਹੇਠ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਜ ਸਾਲ ਕੈਦ ਅਤੇ ਇੱਕ ਕਰੋੜ ਰੁਪਏ ਦਾ ਜੁਰਮਾਨਾ ਇੱਕ ਹੋਰ ਨਾਦਰਸ਼ਾਹੀ ਫੁਰਮਾਨ ਹੈ। ਕੋਟਲਾ ਸਰਫ਼ ਤੋਂ ਨਿਹੰਗ ਸਿੰਘਾਂ ਦਾ ਕਾਫ਼ਲਾ ਧਰਨੇ ਵਿੱਚ ਬਾਬਾ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਮਲ ਹੋਇਆ।
ਅਜਨਾਲਾ (ਅਸ਼ੋਕ ਸ਼ਰਮਾ): ਜਮਹੂਰੀ ਕਿਸਾਨ ਸਭਾ ਤੇ ਜਮਹੂਰੀ ਮਜਦੂਰ ਸਭਾ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਅਜਨਾਲਾ-ਅੰਮ੍ਰਿਤਸਰ ਸੜਕ ’ਤੇ ਸਥਿਤ ਰਿਲਾਇੰਸ ਦੇ ਪੰਪ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਜਮਹੂਰੀ ਮਜਦੂਰ ਸਭਾ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਨੇ ਕੀਤੀ।
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਅੱਜ 30 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਗੁਰਦਾਸਪੁਰ ਵਲੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਕੱਥੂਨੰਗਲ ਟੌਲ ਪਲਾਜ਼ਾ ’ਤੇ ਲਗਾਇਆ ਧਰਨਾ 30ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਇਆਲੀ ਅਤੇ ਨੌਜਵਾਨ ਭਾਰਤ ਦੇ ਆਗੂਆਂ ਸਮੇਤ 150 ਕਿਸਾਨਾਂ ਤੇ ਨੌਜਵਾਨਾਂ ’ਤੇ ਪਾਏ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ।
ਮਾਨਸਰ (ਮਨਪ੍ਰੀਤ ਸਿੰਘ): ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ’ਤੇ ਲਗਾਇਆ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿਆਪੀ ਸੱਦੇ ’ਤੇ 5 ਨਵੰਬਰ ਨੂੰ ਮਾਨਸਰ ’ਚ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕੀਤੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਵੱਲੋਂ ਲਾਚੋਵਾਲ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 20ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨ ਦੇ ਨਾਲ-ਨਾਲ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰਿਆਂ ਦੀ ਨਿੰਦਾ ਵੀ ਕੀਤੀ।
ਸ਼ਾਹਕੋਟ (ਗੁਰਮੀਤ ਖੋਸਲਾ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਲਾਕੇ ਦੇ ਤਿੰਨ ਟੌਲ ਪਲਾਜ਼ਿਆਂ ’ਤੇ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਲਗਾਤਾਰ ਜਾਰੀ ਹਨ। ਟੌਲ ਪਲਾਜ਼ਾ ਚੱਕ ਬਾਂਹਮਣੀਆਂ, ਗਿੱਦੜਪਿੰਡੀ ਅਤੇ ਸੰਗੋਵਾਲ ’ਤੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਹੋ ਜਾਂਦਾ।
ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਵੱਲੋਂ ਸੰਘਰਸ਼ ਦਾ ਸਮਰਥਨ
ਜਲੰਧਰ (ਪਾਲ ਸਿੰਘ ਨੌਲੀ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ 5 ਨਵੰਬਰ ਨੂੰ 12 ਤੋਂ 4 ਵਜੇ ਤੱਕ ਚੱਕਾ ਜਾਮ ਕਰਨ ਅਤੇ 26-27 ਨਵੰਬਰ ਨੂੰ ‘ਦਿੱਲੀ ਚੱਲੋ’ ’ਚ ਸ਼ਮੂਲੀਅਤ ਕਰ ਕੇ ਇਸ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ। ਪਾਰਟੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਬਿਆਨ ਕਰ ਕੇ ਲੋਕਾਂ ਨੂੰ ਕਾਲੇ ਕਾਨੂੰਨਾਂ, ਨੋਟੀਫਿਕੇਸ਼ਨ ਦੇ ਨਾਂ ਹੇਠ ਆਰਐੱਸਐੱਸ-ਭਾਜਪਾ ਸਰਕਾਰ ਦੇ ਫਾਸ਼ੀਵਾਦੀ ਹਮਲਿਆਂ ਦਾ ਵਿਰੋਧ ਕਰਨ ਦਾ ਸੱਦਾ ਵੀ ਦਿੱਤਾ।