ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 19 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਕਿਸਾਨ ਆਗੂ ਨਿਸ਼ਾਨ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਚੱਬਾ ਵਿਚ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ਜਾਮ ਕਰ ਕੀਤਾ। ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਪਾਸ ਕਰਨ ਦੇ ਵਿਰੋਧ ਵਿਚ ਕਿਸਾਨਾਂ ਨੇ ਕਾਲਾ ਦਿਨ ਮਨਾਉਂਦਿਆਂ ਕੇਂਦਰ ਸਰਕਾਰ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ।
ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਤੇ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਡੀ.ਸੀ ਦਫ਼ਤਰਾਂ ਅੱਗੇ ਚੱਲ ਰਿਹਾ ਜੇਲ੍ਹ ਭਰੋ ਮੋਰਚਾ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਕਿਸਾਨ ਆਗੂਆਂ ਨੇ 24 ਸਤੰਬਰ ਤੋਂ ਰੇਲ ਰੋੋਕੋ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਹੋ ਕੇ ਕੇਂਦਰ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ਾਂ ਦੇ ਪਿੜ ਮੱਲਣ ਲਈ ਪ੍ਰੇਰਿਆ। ਇਸ ਮੌਕੇ ਰਜਿੰਦਰ ਸਿੰਘ, ਦਲਬੀਰ ਸਿੰਘ, ਨਿਰਮਲ ਸਿੰਘ ਹਾਜ਼ਰ ਸਨ।
ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਨੇੜੇ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ਼ ਲਗਾਏ ਪੱਕੇ ਮੋਰਚੇ ਦੇ ਅੱਜ 13ਵੇਂ ਦਿਨ ਜਥੇਬੰਦੀ ਦੇ ਵਰਕਰਾਂ ਨੇ ਕੌਮੀ ਸ਼ਾਹ ਮਾਰਗ ਜਾਮ ਕਰ ਕੇ ਸਰਕਾਰ ਦੀ ਅਰਥੀ ਸਾੜੀ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿੱਧਵਾਂ, ਫ਼ਤਹਿ ਸਿੰਘ ਪਿੱਦੀ, ਸਤਨਾਮ ਸਿੰਘ ਮਾਣੋਚਾਹਲ, ਅਜੀਤ ਸਿੰਘ ਚੰਬਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆਂ ਕਰਨ ਖਿਲਾਫ਼ ਲੋਕਾਂ ਨੂੰ ਇਕਜੁੱਟ ਹੋਣ ਦਾ ਹੋਕਾ ਦਿੱਤਾ| ਆਗੂਆਂ ਨੇ ਮੰਡੀਆਂ ਵਿਚ ਕਿਸਾਨਾਂ ਨੂੰ 1509 ਬਾਸਮਤੀ ਦਾ ਉੱਚਿਤ ਭਾਅ ਨਾ ਮਿਲਣ ਅਤੇ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੀ ਵੀ ਨਿਖੇਧੀ ਕੀਤੀ|
ਅਟਾਰੀ (ਦਿਲਬਾਗ ਸਿੰਘ): ਗੁਰੂ ਰਾਮ ਦਾਸ ਕੰਬਾਈਨ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਭੀਲੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਲਾਕ ਚੋਗਾਵਾਂ ਦੇ ਕੰਬਾਈਨ ਮਾਲਕਾਂ ਨੇ ਹਿੱਸਾ ਲਿਆ। ਸਾਹਿਬ ਸਿੰਘ ਭੀਲੋਵਾਲ, ਨਿਰਮਲ ਸਿੰਘ ਮੋਦੇ, ਸੁਖਦੇਵ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕਰਨ ਅਤੇ ਕੰਬਾਈਨਾਂ ’ਤੇ ਐੱਸਐੱਸਐੱਮਐੱਸ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਿਰੋਧ ਕੀਤਾ।
ਕਿਸਾਨਾਂ ਦੇ ਹੱਕ ਵਿਚ ਅਕਾਲੀਆਂ ਨੇ ਕੱਢੀ ਲਲਕਾਰ ਰੈਲੀ
ਦਸੂਹਾ (ਭਗਵਾਨ ਦਾਸ ਸੰਦਲ): ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਕਿਸਾਨਾਂ ਨੇ ਹੱਕ ਵਿਚ ਲਲਕਾਰ ਰੈਲੀ ਕੱਢੀ। ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਖੇਤੀ ਬਿੱਲਾਂ ਦੇ ਰੋਸ ਵਜੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ ਭਵਨ ਵਿਚ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਨ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਸਦ ਤੋਂ ਸੜਕ ਤਕ ਹਰ ਲੜਾਈ ਲੜੇਗਾ। ਇਸ ਮੌਕੇ ਭੁਪਿੰਦਰ ਸਿੰਘ ਨੀਲੂ, ਅਮਰੀਕ ਸਿੰਘ, ਜਸਵਿੰਦਰ ਸਿੰਘ, ਡਾ. ਸੱਜਣ ਸਿੰਘ, ਹਰਮਿੰਦਰ ਸਿੰਘ ਹਾਜ਼ਰ ਸਨ।