ਪੱਤਰ ਪ੍ਰੇਰਕ
ਗੁਰਦਾਸਪੁਰ, 9 ਜੂਨ
ਸਥਾਨਕ ਰੇਲਵੇ ਸਟੇਸ਼ਨ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਪੱਕੇ ਮੋਰਚੇ ‘ਚ ਬਾਬਾ ਬੰਦਾ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਮੁੱਖ ਬੁਲਾਰੇ ਬੋਧ ਸਿੰਘ ਘੁੰਮਣ ਨੇ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਇਤਿਹਾਸਕ ਤੇ ਸ਼ਾਨਾਮਤੀ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੀਓ ਦਫਤਰ ਅੱਗੇ 185ਵੇਂ ਦਿਨ ਜਿੰਦਰ ਸਿੰਘ ਸਰਪੰਚ,ਅਤੇ ਸੋਹਣ ਸਿੰਘ ਮੋਹਣੋਵਾਲ ਦੀ ਪ੍ਰਧਾਨਗੀ ਹੇਠ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਮੱਟੂ ਸੂਬਾਈ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਆਗੂ ਸ਼ਿੰਗਾਰਾ ਰਾਮ ਭੱਜਲ ਜੇਪੀ ਐਮਓ ਆਗੂ, ਗੁਰਨੇਕ ਸਿੰਘ ਭੱਜਲ ਸੂਬਾਈ ਸਕੱਤਰ ਕਿਸਾਨ ਸਭਾ ਨੇ ਸੰਬੋਧਨ ਕੀਤਾ।
ਪੱਟੀ (ਪੱਤਰ ਪ੍ਰੇਰਕ): ਕਿਸਾਨ ਸਘੰਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪਿੰਡ ਸਭਰਾ ਅੰਦਰ ਮਨਾਇਆ ਗਿਆ। ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸਯੁੰਕਤ ਮੌਰਚੇ ਦੀ ਅਗਵਾਈ ਵਾਲਾ ਕਿਸਾਨ ਅੰਦੋਲਨ ਮੌਦੀ ਸਰਕਾਰ ਦੇ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਵਿੱਚ ਸਫ਼ਲ ਹੋਵੇਗਾ।
ਮਾਨਸਰ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਲਗਾਇਆ ਧਰਨਾ 242ਵੇਂ ਦਿਨ ਵੀ ਜਾਰੀ ਰਿਹਾ। ਉਥੇ ਹੀ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਯੋਧ ਸਿੰਘ ਕੋਟਲੀ, ਨਰਿੰਦਰ ਸਿੰਘ ਗੋਲੀ, ਬਲਕਾਰ ਸਿੰਘ ਮੱਲ੍ਹੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ
ਚੇਤਨਪੁਰਾ (ਪੱਤਰ ਪ੍ਰੇਰਕ): ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਵਿੱਚ ਹਰਸ਼ਾ ਛੀਨਾ ਲੀਡਰਸ਼ਿਪ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਅੱਡਾ ਕੁਕੜਾਵਾਲਾ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਦਾਲਮ, ਲੱਲਾ ਅਫਗਾਨਾ, ਧਾਰੀਵਾਲ, ਬੱਗੇ ਕਲਾਂ, ਤੋਲਾ, ਨੰਗਲ, ਸੁਬਾਜਪੁਰ, ਵਿਚਲਾ ਕਿਲਾ, ਉਚਾ ਕਿਲਾ ਹਰਸ਼ਾ ਛੀਨਾ ਵਿਚ ਦੀ ਹੁੰਦਾ ਹੋਇਆ ਕੁਕੜਾਵਾਲਾ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਫਤਰ ਵਿੱਚ ਸਮਾਪਤ ਹੋਇਆ।