ਸਿਮਰਤਪਾਲ ਬੇਦੀ
ਜੰਡਿਆਲਾ ਗੁਰੂ, 28 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 127ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜਥੇਬੰਦੀ ਵੱਲੋਂ ਕਿਸਾਨਾਂ ’ਤੇ ਗੋਲੀਆਂ ਚਲਾਉਣ, ਲਾਠੀਚਾਰਜ ਕਰਨ, ਅੱਥਰੂ ਗੈਸ ਦੀ ਵਰਤੋਂ ਕਰਨ, ਕਿਸਾਨ ਆਗੂਆਂ ’ਤੇ ਲਾਲ ਕਿਲੇ ਦੀ ਆੜ ’ਚ ਨਾਜਾਇਜ਼ ਪਰਚੇ ਕਰਨ ਦੇ ਵਿਰੋਧ ਪਿੰਡ ਪੱਧਰੀ ਪਹਿਲੀ ਤੋਂ 3 ਫਰਵਰੀ ਤੱਕ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਗਿਆ ਹੈ। ਅੱਜ ਰੇਲ ਰੋਕੋ ਮੋਰਚੇ ਵਿੱਚ ਗੁਰਪ੍ਰੀਤ ਸਿੰਘ ਗੋਪੀ ਖਾਨਪੁਰ ਦੀ ਅਗਵਾਈ ਵਿੱਚ ਜਥੇ ਵੱਲੋਂ ਸ਼ਮੂਲੀਅਤ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਵਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਿੰਸਾ ਦੀਆਂ ਘਟਨਾਵਾਂ ਹੋਈਆਂ ਹਨ, ਇਨ੍ਹਾਂ ਨਾਲ ਜਥੇਬੰਦੀ ਦਾ ਕੋਈ ਸਬੰਧ ਨਹੀਂ ਹੈ। ਇਸ ਦੇ ਨਾਲ ਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਅੱਜ ਕੁੰਡਲੀ ਮੋਰਚੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਤੋਂ ਇਸ ਅੰਦੋਲਨ ਵਿੱਚ ਜਿਹੜੇ ਮਾਵਾਂ ਦੇ ਪੁੱਤ ਸ਼ਹਾਦਤਾਂ ਦੇ ਗਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਕਿਸਾਨ ਆਗੂਆਂ ਜ਼ਖਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸਾਰੇ ਪੰਡਾਲ ਵੱਲੋਂ ਖੜ੍ਹੇ ਹੋ ਕੇ ਦੋ ਮਿੰਟ ਵਾਸਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਧੇਰ ਨੇ ਕਿਹਾ ਕਿ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਬੇਦੋਸ਼ੇ ਕਿਸਾਨਾਂ ’ਤੇ ਗੋਲੀਆਂ ਚਲਾਉਣ, ਲਾਠੀਚਾਰਜ ਕਰਨ, ਅੱਥਰੂ ਗੈਸ ਦੀ ਵਰਤੋਂ ਕਰਨ ਅਤੇ ਕਿਸਾਨ ਆਗੂਆਂ ’ਤੇ ਲਾਲ ਕਿਲੇ ਦੀ ਆੜ ’ਚ ਨਾਜਾਇਜ਼ ਪਰਚੇ ਕਰਨ ਦੇ ਵਿਰੋਧ ’ਚ ਪਿੰਡਾਂ ਦੇ ਪੱਧਰ ’ਤੇ ਇਕ ਤੋਂ ਤਿੰਨ ਫਰਵਰੀ ਤੱਕ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹੇ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਵੱਲੋਂ ਉਸਮਾਂ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 116ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ| ਟੌਲ ਪਲਾਜ਼ਾ ’ਤੇ ਧਰਨਾਕਾਰੀਆਂ ਦੀ ਅਗਵਾਈ ਕਰਦੇ ਆਗੂ ਦਰਸ਼ਨ ਸਿੰਘ ਅਲਾਵਲਪੁਰ, ਬਲਵਿੰਦਰ ਸਿੰਘ ਸ਼ੇਰੋਂ, ਸੁਖਦੇਵ ਸਿੰਘ ਅਲਾਦੀਨਪੁਰ ਤੇ ਪਰਮਜੀਤ ਸਿੰਘ ਦੁਗਲਵਾਲਾ ਆਦਿ ਨੇ ਦੱਸਿਆ ਕਿ ਉਹ ਜਥੇਬੰਦੀ ਦੇ ਕਿਸੇ ਵੀ ਹੁਕਮ ਅਨੁਸਾਰ ਅਗਲੇਰੀ ਜਥੇਬੰਦਕ ਕਾਰਵਾਈ ਕਰਨ ਲਈ ਤਿਆਰ ਬੈਠੇ ਹਨ| ਆਗੂਆਂ ਦਿੱਲੀ ਦੀਆਂ ਘਟਨਾਵਾਂ ਲਈ ਸਰਕਾਰੀ ਧਿਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਸਰਕਾਰ ਦੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਦੇ ਰਾਹ ’ਤੇ ਰਹਿਣਗੇ| ਜਥੇਬੰਦੀ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਕਿ ਉਹ ਜਥੇਬੰਦੀ ਦੇ ਸੰਦੇਸ਼ ਅਨੁਸਾਰ ਦਿੱਲੀ ਲਈ ਅਗਲਾ ਜਥਾ 6 ਫਰਵਰੀ ਨੂੰ ਭੇਜਣ ਦੀਆਂ ਤਿਆਰੀਆਂ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਇਲਾਕੇ ਅੰਦਰ ਉਸਮਾਂ ਦੇ ਟੌਲ ਪਲਾਜ਼ਾ ਅਤੇ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ’ਤੇ ਦਿੱਤਾ ਜਾਣ ਵਾਲਾ ਧਰਨਾ ਆਮ ਵਾਂਗ ਜਾਰੀ ਰੱਖਿਆ ਜਾਵੇਗਾ|
ਅਮਿਤ ਸ਼ਾਹ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕੰਢੀ ਕਿਸਾਨ ਸੰਘਰਸ਼ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਦੀ ਸਾਜਿਸ਼ ਰਚ ਕੇ ਦਿੱਲੀ ਵਿੱਚ ਹਿੰਸਾ ਕਰਵਾਉਣ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਮੰਨੇ ਜਾਂਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖਾਸਤ ਕੀਤਾ ਜਾਵੇ। ਜਥੇਬੰਦੀ ਨੇ ਦੋਸ਼ ਲਾਇਆ ਕਿ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਕੱਢੀ ਜਾ ਰਹੀ ਕਿਸਾਨ ਪਰੇਡ ਨੂੰ ਬਦਨਾਮ ਕਰਨ ਲਈ ਲਾਲ ਕਿਲ੍ਹੇ ’ਤੇ ਝੰਡਾ ਚੜ੍ਹਾਉਣ ਵਾਲੇ ਵਿਅਕਤੀ ਸਰਕਾਰ ਦੀ ਸ਼ਹਿ ’ਤੇ ਆਏ ਸਨ। ਸਿੰਘੂ ਬਾਰਡਰ ਤੋਂ ਪਰਤੇ ਜਥੇਬੰਦੀ ਦੇ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ, ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ, ਸਰਪ੍ਰਸਤ ਅਵਤਾਰ ਸਿੰਘ ਭੀਖੋਵਾਲ ਅਤੇ ਜਨਰਲ ਸਕੱਤਰ ਗੁਰਜੀਤ ਸਿੰਘ ਨੀਲਾ ਨਲੋਆ, ਹਰਵਿੰਦਰ ਸਿੰਘ ਸੰਧੂ ਅਤੇ ਕੁਲਵੰਤ ਸਿੰਘ ਬਾਠ ਨੇ ਸਾਂਝੇ ਬਿਆਨ ਵਿੱਚ ਦੋਸ਼ ਲਾਇਆ ਕਿ ਕਿਸਾਨਾਂ ਦੀ ਪਰੇਡ ਨੂੰ ਬਦਨਾਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੀ ਕਥਿਤ ਤੌਰ `ਤੇ ਸਾਜ਼ਿਸ਼ ਰਚੀ ਸੀ।ਕਿਸਾਨ ਆਗੂਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਮੰਗ ਕੀਤੀ ਹੈ ਕਿ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫੌਰਨ ਕੇੰਦਰੀ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ। ਕਿਸਾਨ ਆਗੂ ਭੁਪਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਫਿਲਮੀ ਕਲਾਕਾਰ ਦੀਪ ਸਿੱਧੂ ਤੇ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ।