ਗੁਰਬਖ਼ਸ਼ਪੁਰੀ
ਤਰਨ ਤਾਰਨ, 7 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪੱਕੇ ਮੋਰਚੇ ਦੀ ਸ਼ੁਰੂਆਤ ਕਰਦਿਆਂ ‘ਜੇਲ੍ਹ ਭਰੋ’ ਅੰਦੋਲਨ ਦੇ ਪਹਿਲੇ ਦਿਨ ਜਥੇਬੰਦੀ ਦੇ ਇਕ ਜਥੇ ਵੱਲੋਂ ਆਪਣੇ ਆਪ ਨੂੰ ਗ੍ਰਿਫਤਾਰੀਆਂ ਲਈ ਪੇਸ਼ ਕੀਤਾ ਗਿਆ| ਸ਼ਾਮ ਵਾਲੇ ਪ੍ਰਸ਼ਾਸ਼ਨ ਨੇ 55 ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ| ਅੰਦੋਲਨਕਾਰੀ ਕਿਸਾਨਾਂ ਨੂੰ ਦਫ਼ਾ 107-151 ਤਹਿਤ ਗ੍ਰਿਫ਼ਤਾਰ ਕਰ ਕੇ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬੱਸਾਂ ਵਿੱਚ ਬਿਠਾ ਕੇ ਇੱਥੋਂ ਦੇ ਐੱਸਡੀਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ|
ਅਦਾਲਤ ਨੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਤਰਨ ਤਾਰਨ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਈ ਗਈ ਆਰਜ਼ੀ ਜੇਲ੍ਹ ਵਿੱਚ ਭੇਜ ਦਿੱਤਾ| ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਲਈ ਰਾਸ਼ਨ ਆਦਿ ਇਲਾਕੇ ਦੇ ਪਿੰਡ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਤੋਂ ਮੰਗਵਾਉਣ ਦੇ ਬੰਦੋਬਸਤ ਕਰ ਦਿੱਤੇ ਗਏ ਸਨ ਪਰ ਬਾਅਦ ਵਿੱਚ ਪ੍ਰਸ਼ਾਸਨ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅੰਦੋਲਨ ਨਾਲ ਨਿਪਟਣ ਲਈ ਉਲਟ ਫੇਰ ਕਰਦਿਆਂ ਤਰਨ ਤਾਰਨ ਦੇ ਸਕੂਲ ਵਿੱਚ ਬਣਾਈ ਗਈ ਆਰਜ਼ੀ ਜੇਲ੍ਹ ਵਿੱਚੋਂ ਜਥੇਬੰਦੀ ਦੇ ਗ੍ਰਿਫ਼ਤਾਰ ਕੀਤੇ ਗਏ ਵਰਕਰਾਂ ਨੂੰ ਰਿਹਾਅ ਕਰ ਦਿੱਤਾ ਅਤੇ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ|
ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਜਥੇਬੰਦੀ ਪ੍ਰਸ਼ਾਸਨ ਅਤੇ ਸਰਕਾਰ ਦੇ ਇਸ ਫੈਸਲੇ ਬਾਰੇ ਮੀਟਿੰਗ ਕਰਕੇ ਵਿਚਾਰ ਚਰਚਾ ਕਰੇਗੀ| ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਅੰਦੋਲਨ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਪੱਕਾ ਮੋਰਚਾ ਸ਼ੁਰੂ ਕਰਨ ਮੌਕੇ ਜਥੇਬੰਦੀ ਦੇ ਵੱਡੀ ਗਿਣਤੀ ਵਰਕਰਾਂ ਨੇ ਮੋਰਚਾ ਕੈਂਪ ਵਿੱਚ ਹਾਜ਼ਰੀ ਭਰੀ|
ਅਟਾਰੀ (ਦਿਲਬਾਗ ਸਿੰਘ ਗਿੱਲ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਉਲੀ ਸਾਹਿਬ ਦੇ ਪ੍ਰਧਾਨ ਰਾਜ ਸਿੰਘ ਤਾਜੇਚੱਕ ਅਤੇ ਸਕੱਤਰ ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਇਕ ਜਥਾ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਗ੍ਰਿਫ਼ਤਾਰੀਆਂ ਦੇਣ ਲਈ ਅਟਾਰੀ ਤੋਂ ਡੀਸੀ ਦਫ਼ਤਰ ਅੰਮ੍ਰਿਤਸਰ ਵੱਲ ਰਵਾਨਾ ਹੋਇਆ।
ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅੱਜ ਤੋਂ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਮੂਹਰੇ ਜ਼ੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ।
ਨਵਾਂਸ਼ਹਿਰ/ਬਲਾਚੌਰ (ਲਾਜਵੰਤ ਸਿੰਘ/ਗੁਰਦੇਵ ਸਿੰਘ ਗਹੂੰਣ/ਸੁਭਾਸ਼ ਜੋਸ਼ੀ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ ਅੱਜ ਕਿਰਤੀ ਕਿਸਾਨ ਯੂਨੀਅਨ ਨੇ ਇਲਾਕੇ ਦੇ ਪਿੰਡਾਂ ਸ਼ਹਾਬਪੁਰ, ਸਨਾਵਾ, ਸਜਾਵਲਪੁਰ, ਰਾਮਰਾਏਪੁਰ, ਭਾਨਮਜਾਰਾ, ਕੁੱਲੇਵਾਲ, ਸਿੰਬਲ ਮਜਾਰਾ, ਚਣਕੋਆ, ਕੌਲਗੜ੍ਹ ਅਤੇ ਬਛੌੜੀ ਆਦਿ ਵਿੱਚ ਰੈਲੀਆਂ ਕੀਤੀਆਂ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਹਰਮੇਸ਼ ਸਿੰਘ ਢੇਸੀ ਅਤੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਾਰੇ ਆਰਡੀਨੈਂਸ ਲਾਗੂ ਹੋਣ ਨਾਲ ਜਿੱਥੇ ਕਿਸਾਨੀ ਬਰਬਾਦ ਹੋ ਜਾਵੇਗੀ ਉੱਥੇ ਮੰਡੀ ਢਾਂਚਾ ਤਹਿਸ-ਨਹਿਸ ਹੋ ਜਾਵੇਗਾ ਅਤੇ ਬਿਜਲੀ ਸੋਧ ਬਿੱਲ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲੱਗਣੇ ਸ਼ੁਰੂ ਹੋ ਜਾਣਗੇ। ਇਸ ਮੌਕੇ ਯੂਨੀਅਨ ਵਲੋਂ ਕਿਸਾਨਾਂ ਨੂੰ ਫਗਵਾੜਾ ਵਿੱਚ ਕੀਤੀ ਜਾ ਰਹੀ ਲਲਕਾਰ ਰੈਲੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਮੁਕੇਰੀਆਂ (ਜਗਜੀਤ ਸਿੰਘ): ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਨੇ ਖੇਤੀ ਆਰਡੀਨੈਂਸਾਂ ਖਿਲਾਫ਼ ਲੜਾਈ ਤਿੱਖੀ ਕਰਨ ਲਈ ਆਪਣੀਆਂ ਇਕਾਈਆਂ ਦਾ ਗਠਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁਕੇਰੀਆਂ ਦੇ ਪਿੰਡ ਸਿੰਘਪੁਰ ਅਤੇ ਥੇਹਬਰਨਾਲਾ ਵਿੱਚ ਸੰਸਥਾ ਦੇ ਮੁਖੀ ਤੇ ਪ੍ਰਧਾਨ ਬਾਪੂ ਬਲਕਾਰ ਸਿੰਘ ਮੱਲੀ, ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਆਦਿ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ।
ਕਿਸਾਨ ਜਥੇਬੰਦੀਆਂ ਨੇ ਸਰਕਾਰ ਦਾ ਪੁਤਲਾ ਸਾੜਿਆ
ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ): ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਸਾਂ ਖ਼ਿਲਾਫ਼ ਪੰਜਾਬ ਦੀਆਂ ਦਸ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵੱਲੋਂ ਕਿਸਾਨ ਆਗੂ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕਿਲ੍ਹਾ ਜੀਵਨ ਸਿੰਘ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਇਨ੍ਹਾਂ ਆਰਡੀਨੈਸਾਂ ਦੇ ਹੱਕ ਵਿੱਚ ਦਸਤਖ਼ਤ ਕਰਨ ਵਾਲੇ ਅਕਾਲੀ ਦਲ ਨੇ ਕਿਸਾਨੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਊਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ਮਤਾ ਪਾਸ ਕਰਨਾ ਕਿਸਾਨ ਘੋਲ ਦੀ ਜਿੱਤ ਹੈ। ਊਨ੍ਹਾਂ ਕਿਹਾ ਕਿ 14 ਸਤੰਬਰ ਨੂੰ ਸੰਸਦ ਸੈਸ਼ਨ ਵਾਲੇ ਦਿਨ ਜਿੱਥੇ ਕਿਸਾਨ ਸੰਸਦ ਸਾਹਮਣੇ ਧਰਨਾ ਦੇਣਗੇ ਉੱਥੇ ਹੀ ਪੰਜਾਬ ’ਚ ਪੰਜ ਵੱਡੀਆਂ ਕਿਸਾਨ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਤਹਿਤ ਮਾਝਾ ਜ਼ੋਨ ਦੀ ਰੈਲੀ ਅੰਮ੍ਰਿਤਸਰ ’ਚ ਵੱਡੀ ਗਿਣਤੀ ਕਿਸਾਨ ਹਿੱਸਾ ਲੈਣਗੇ।