ਪੱਤਰ ਪ੍ਰੇਰਕ
ਪਠਾਨਕੋਟ, 20 ਜੂਨ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਇਤਿਹਾਸਿਕ ਸਥਾਨ ਗੁਰਦੁਆਰਾ ਬਾਰਠ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਮੰਟੂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਠਾਕੁਰ ਸੁਭਾਸ਼ ਅਤੇ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਅਬਜ਼ਰਵਰ ਸੁਖਦੇਵ ਬਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਬਸਪਾ ਧਰਮਪਾਲ ਭਗਤ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਇਨ੍ਹਾਂ ਤੋਂ ਇਲਾਵਾ ਦੋਹਾਂ ਪਾਰਟੀਆਂ ਦੇ ਹੋਰ ਆਗੂ ਵੀ ਸ਼ਾਮਲ ਹੋਏ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਆਗੂ ਗੁਰਦੁਆਰੇ ਵਿੱਚ ਨਤਮਸਤਕ ਹੋਏ ਅਤੇ ਗੱਠਜੋੜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਦੋਹਾਂ ਪਾਰਟੀਆਂ ਦੇ ਆਗੂਆਂ ਨੇ ਭਵਿੱਖ ਵਿੱਚ ਝਗੜੇ ਵਾਲੇ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਜੋ ਰਲ-ਮਿਲ ਕੇ ਮਸਲਿਆਂ ਨੂੰ ਹੱਲ ਕਰਿਆ ਕਰੇਗੀ। ਇਸ ਦੌਰਾਨ ਆਗੂਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਨਵੇਂ ਗੱਠਜੋੜ ਦੀ ਜਿੱਤ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਰਾਜਾ ਨੇ ਦਿੱਤੀ। ਅੰਤ ਵਿੱਚ ਸੀਨੀਅਰ ਆਗੂਆਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।