ਸੰਤੋਖ ਗਿੱਲ
ਗੁਰੂਸਰ ਸੁਧਾਰ, 13 ਜੁਲਾਈ
ਪਿੰਡ ਹਲਵਾਰਾ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਨੇ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਦੀ ਆੜ ਹੇਠ ਕਿਸਾਨਾਂ ਦੀ ਉਪਜਾਊ ਜ਼ਮੀਨ ਹੜੱਪ ਲੈਣ ਦਾ ਦੋਸ਼ ਲਾਉਂਦੇ ਹੋਏ, ਸਰਕਾਰ ਦੇ ਮਨਸੂਬਿਆਂ ਦਾ ਪਰਦਾਫਾਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਸੰਘਰਸ਼ ਵਿੱਚ ਸ਼ਮੂਲੀਅਤ ਲਈ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਲਕੇ 15 ਜੁਲਾਈ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਜਾ ਚੁੱਕੇ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਨੂੰ ਲੁੱਟਣ ਲਈ ਪੰਜਾਬ ਵਿੱਚ ਡੇਰੇ ਲਾ ਕੇ ਬੈਠ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਤਾਂ ਵਿਦੇਸ਼ੀ ਧਾੜਵੀਆਂ ਨਾਲ ਵੀ ਲੋਹਾ ਲਿਆ ਹੈ।
ਬਿਕਰਮਜੀਤ ਸਿੰਘ ਖ਼ਾਲਸਾ ਨੇ ਸੂਬਾ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਨੂੰ ਤਿਆਗ ਦੇਣ ਦੀ ਚਿਤਾਵਨੀ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਅਕਾਲੀ ਦਲ ਵੱਡਾ ਸੰਘਰਸ਼ ਅਰੰਭ ਕਰੇਗਾ ਅਤੇ ਕਿਸੇ ਸੂਰਤ ਵਿੱਚ ਪੰਜਾਬ ਦੀ ਇੱਕ ਇੰਚ ਜ਼ਮੀਨ ਲੁੱਟਣ ਨਹੀਂ ਦਿੱਤੀ ਜਾਵੇਗੀ। ਅਕਾਲੀ ਆਗੂਆਂ ਨੇ ਐਲਾਨ ਕੀਤਾ ਕਿ 15 ਜੁਲਾਈ ਨੂੰ ਗੁਰੂਸਰ ਸੁਧਾਰ ਤੋਂ ਅਕਾਲੀ ਵਰਕਰਾਂ ਦਾ ਵੱਡਾ ਜਥਾ ਰਵਾਨਾ ਹੋਵੇਗਾ। ਪ੍ਰਭਜੋਤ ਸਿੰਘ ਧਾਲੀਵਾਲ, ਮਿੰਟੂ ਜੱਟਪੁਰਾ, ਚੰਦ ਸਿੰਘ ਡੱਲਾ, ਗੁਰਚੀਨ ਸਿੰਘ ਰੱਤੋਵਾਲ, ਇੰਦਰਜੀਤ ਸਿੰਘ ਗੋਂਦਵਾਲ, ਮਿਹਰ ਸਿੰਘ ਧਾਲੀਵਾਲ, ਗੁਰਸ਼ਰਨ ਸਿੰਘ ਬੜੂੰਦੀ, ਸਰਪੰਚ ਦਰਬਾਰਾ ਸਿੰਘ ਖ਼ਾਲਸਾ, ਕਮਲ ਸਿੰਘ ਬਰ੍ਹਮੀ, ਜੱਗਾ ਸਿੰਘ ਤਾਜਪੁਰ ਅਤੇ ਜਸਬੀਰ ਸਿੰਘ ਦੇਹੜਕਾ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।