ਖਾਲਸਾ ਕਾਲਜ ’ਚ ਅਲੂਮਨੀ ਮੀਟ
ਪੱਤਰ ਪ੍ਰੇਰਕ
ਧਾਰੀਵਾਲ, 3 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਅਲੂਮਨੀ ਮੀਟ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਬਾਰ੍ਹਵੀਂ ਪਾਸ ਕਰਨ ਉਪਰੰਤ ਵਿਦੇਸ਼ਾਂ ਵਿੱਚ ਜਾ ਕੇ ਮਜ਼ਦੂਰੀ ਕਰਨ ਦੀ ਥਾਂ ਆਪਣੇ ਦੇਸ਼ ਵਿੱਚ ਰਹਿੰਦਿਆਂ ਵੱਖ-ਵੱਖ ਟੈਸਟਾਂ ਦੀ ਤਿਆਰੀ ਕਰਕੇ ਵੱਡੇ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨ ਦੀ ਗੱਲ ਆਖੀ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਿਸ਼ੇਸ਼ ਸਹੂਲਤਾਂ ਅਤੇ ਵਜ਼ੀਫਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਐੱਸਜੀਪੀਸੀ ਵੱਲੋਂ ਵੱਖ-ਵੱਖ ਟੈਸਟਾਂ ਦੀ ਤਿਆਰੀ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਪਟਿਆਲਾ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਗੱਲ ਵੀ ਕੀਤੀ। ਉਨ੍ਹਾ ਦੱਸਿਆ ਨਿਸ਼ਚੈ ਅਕੈਡਮੀ ਯੋਗ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਮੁਹੱਈਆ ਕਰ ਰਹੀ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।