ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 30 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਪਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸਤਨਾਮ ਸਿੰਘ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਵਿਚ ਨਿੱਝਰਪੁਰਾ ਟੌਲ ਪਲਾਜ਼ਾ ਜਾਮ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਬੀਬੀਆਂ ਵੱਲੋਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਅੰਮ੍ਰਿਤਸਰ ਦਿੱਲੀ ਮਾਰਗ ਜਾਮ ਕੀਤੇ ਜਾਣ ਕਾਰਨ ਜੀਟੀ ਰੋਡ ਉੱਪਰ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪੁਲੀਸ ਵੱਲੋਂ ਇਸ ਮੌਕੇ ਜੀਟੀ ਰੋਡ ਤੋਂ ਬਦਲਵੇਂ ਰਾਹਾਂ ਉਪਰ ਆਵਾਜਾਈ ਭੇਜੀ ਗਈ। ਕਿਸਾਨਾਂ ਵੱਲੋਂ ਸਕੂਲੀ ਵੈਨਾਂ, ਐਂਬੂਲੈਂਸਾਂ, ਵਿਆਹ ਸ਼ਾਦੀ ਵਾਲੀਆਂ ਗੱਡੀਆਂ ਅਤੇ ਹੋਰ ਜ਼ਰੂਰੀ ਕੰਮ ਲਈ ਜਾ ਰਹੇ ਲੋਕਾਂ ਨੂੰ ਲੰਘਾਇਆ ਜਾ ਰਿਹਾ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਅੰਗਰੇਜ਼ ਸਿੰਘ ਚਾਟੀਵਿੰਡ ਨੇ ਕਿਹਾ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਝੋਨੇ, ਸਬਜ਼ੀ, ਹਰੇ ਚਾਰੇ ਦਾ ਨੁਕਸਾਨ ਹੋਇਆ ਹੈ। ਸਰਕਾਰ ਨੇ ਨਾ ਗਿਰਦਾਵਰੀ ਕਰਵਾਈ ਨਾ ਮੁਆਵਜ਼ਾ ਦਿੱਤਾ ਹੈ। ਕਿਸਾਨ ਆਗੂਆਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਲੰਪੀ ਸਕਿਨ ਨਾਲ ਪਸ਼ੂ ਧਨ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਮਾਲੀ ਮਦਦ ਦੇਣ ਤੋਂ ਭੱਜੀ ਸਰਕਾਰ ਹੁਣ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸਾਂ ਦੀ ਗੱਲ ਆਖ ਰਹੀ ਹੈ, ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਸਰਕਾਰ ਵੱਲੋਂ ਮੰਨੀਆਂ ਮੰਗਾਂ ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਜਾਣ ਤੋਂ ਰੋਕਣਾ, ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣੀ, ਗੰਨੇ ਦਾ ਬਕਾਇਆ ਵਿਆਜ ਸਣੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਰੀ ਕਰਨਾ ਆਦਿ ਹਨ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਇਥੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਸਤਿਸੰਗ ਘਰ (ਬਿਆਸ) ਧਾਰੀਵਾਲ ਨੇੜੇ ਕਲੇਰ ਖੁਰਦ ਮੋੜ ’ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਝਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਕਿਸਾਨ ਯੂਥਵਿੰਗ ਪੰਜਾਬ ਅਤੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਸੁਖਦੇਵ ਸਿੰਘ ਭੋਜਰਾਜ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਲਬੀਰ ਸਿੰਘ ਰੰਧਾਵਾ ਸਮਸ਼ੇਰ ਸਿੰਘ ਅਠਵਾਲ, ਜਸਵੰਤ ਸਿੰਘ, ਹਰਪਾਲ ਸਿੰਘ ਡੇਹਰੀਵਾਲ, ਸੁਖਜੀਤ ਸਿੰਘ ਹਰਦੋਝੰਡੇ, ਹਰਦੇਵ ਸਿੰਘ ਚਿੱਟੀ ਆਦਿ ਕਿਸਾਨ ਆਗੂਆਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜ ਘੰਟੇ ਨੈਸ਼ਨਲ ਹਾਈਵੇਅ ਉਪਰ ਆਵਾਜਾਈ ਜਾਮ ਰੱਖੀ ਗਈ।